ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲ: ਦਲ ਖ਼ਾਲਸਾ
ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਹੋ ਕੇ ਦਲ ਖਾਲਸਾ ਨੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਇੱਕਜੁੱਟਤਾ ਪ੍ਰਗਟਾਈ । ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ ਅਗਵਾਈ ਹੇਠ ਨੌਜਵਾਨ ਕਾਰਕੁਨਾਂ ਨੇ ਖਨੌਰੀ ਅੰਤਰਰਾਜੀ ਸਰਹੱਦ ਦਾ ਦੌਰਾ ਕੀਤਾ ਅਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਅਤੇ ਹਾਲ-ਚਾਲ ਬਾਰੇ ਜਾਣਕਾਰੀ ਲਈ।
ਸ੍ਰੀ ਮੰਡ ਨੇ ਧਰਨੇ ਵਾਲੀ ਥਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਕਾਰਕੁਨਾਂ ਨਾਲ ਮੁਲਾਕਾਤ ਕੀਤੀ ਅਤੇ ਅੰਦੋਲਨ ਦੀ ਅਗਵਾਈ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਮਜ਼ਬੂਤੀ ਨਾਲ ਡਟੇ ਰਹਿਣ। ਇਸ ਸਬੰਧ ਵਿੱਚ ਬਿਆਨ ਵਿੱਚ ਦਲ ਖਾਲਸਾ ਦੇ ਦਫ਼ਤਰ ਸਕੱਤਰ ਮਾਨ ਸਿੰਘ ਨੇ ਕਿਹਾ ਹੈ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀ ਜਥੇਬੰਦੀ ਕਿਸਾਨ ਜਥੇਬੰਦੀਆਂ ਦੇ ਨਾਲ ਹੈ ਅਤੇ ਅੰਦੋਲਨ ਵਿੱਚ ਹਰ ਕਿਸਾਨ ਦੇ ਨਾਲ ਖੜ੍ਹੀ ਹੈ। ਉਨ੍ਹਾਂ ਮੋਦੀ ਸਰਕਾਰ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਖਾਸ ਕਰਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਪ੍ਰਤੀ ਬੇਲਿਹਾਜ਼ਾ ਅਤੇ ਅਸੰਵੇਦਨਸ਼ੀਲ ਵਾਲਾ ਵਤੀਰਾ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮੌਤ ਵੱਲ ਧੱਕ ਰਹੀ ਹੈ। ਜੇਕਰ ਡੱਲੇਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਪੂਰੀ ਤਰ੍ਹਾਂ ਨਾਲ ਭਾਜਪਾ ਸਰਕਾਰ ਜ਼ਿੰਮੇਵਾਰ ਹੋਵੇਗੀ। ਦਲ ਖਾਲਸਾ ਨੇ ਸਮੂਹ ਪੰਜਾਬੀਆਂ ਨੂੰ ਕਿਸਾਨ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਇਸ ਮੌਕੇ ਬਾਬਾ ਹਰਦੀਪ ਸਿੰਘ ਮਹਿਰਾਜ, ਰਾਮ ਸਿੰਘ, ਗੁਰਵਿੰਦਰ ਸਿੰਘ, ਜੀਵਨ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।