ਮੋਦੀ ਸਰਕਾਰ ਦੇ ਵਿਤਕਰੇ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ: ਭੱਠਲ
ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਦਸੰਬਰ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਦਿੱਲੀ ਕੱਟੜਾ ਮਾਰਗ ਉੱਪਰ ਵੱਡੇ-ਵੱਡੇ ਬੈਰੀਕੇਡ ਲਾ ਕੇ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਲੱਗੀ ਹੈ, ਜਿਸ ਨੂੰ ਬਰਦਾਸ਼ਤ ਕਰਨਾ ਬਹੁਤ ਹੀ ਔਖਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿ ਪੰਜਾਬ ਨੂੰ ਆਪਣੀ ਰਾਜਧਾਨੀ ਨਾਲੋਂ ਨੂੰ ਤੋੜ ਕੇ ਕੇਂਦਰ ਦੀ ਮੋਦੀ ਸਰਕਾਰ ਕੀ ਸਾਬਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਨਾਲ ਇਸ ਤਰ੍ਹਾਂ ਕਰਕੇ ਦੇਸ਼ ਅੰਦਰ ਨਫਰਤ ਦਾ ਬੀਜ਼ ਨਹੀਂ ਬੀਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੂੰ ਉਹ ਦਿੱਲੀ ਜਾਣ ਤੋਂ ਰੋਕਣ ਲਈ ਦੁਸ਼ਮਣ ਦੇਸ਼ ਦੀ ਤਰ੍ਹਾਂ ਬਾਰਡਰਾਂ ਉੱਪਰ ਵੱਡੀਆਂ-ਵੱਡੀਆਂ ਰੋਕਾਂ ਲਾ ਰਹੀ ਹੈ, ਦੇਸ਼ ਦੀ ਆਜ਼ਾਦੀ ਲਈ ਇਨ੍ਹਾਂ ਪੰਜਾਬੀਆਂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਭਾਜਪਾ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਕਿਸਾਨਾਂ ਦੇ ਰਾਹਾਂ ਵਿਚ ਨੁਕੀਲੀਆਂ ਕਿੱਲਾਂ ਗੱਡ ਕੇ ਰੋਕਣ ਲੱਗੀ ਹੈ, ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਵੀ ਵੱਡਾ ਖਤਰਾ ਹੋ ਸਕਦਾ ਹੈ। ਬੀਬੀ ਭੱਠਲ ਨੇ ਕਿਹਾ ਨਰਿੰਦਰ ਮੋਦੀ ਨੂੰ ਕਿਸਾਨਾਂ ਅਤੇ ਪੰਜਾਬੀਆਂ ਨਾਲ ਨਰਮ ਦਿਲੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਵੀ ਪ੍ਰਗਟ ਕੀਤੀ।