ਮੋਦੀ ਸਰਕਾਰ ਨੇ ਦੇਸ਼ ਦੇ ਸਿਹਤ ਢਾਂਚੇ ਨੂੰ ਬਿਹਤਰ ਕੀਤਾ: ਸ਼ਾਹ
ਹਿਸਾਰ, 31 ਮਾਰਚ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ ਪਿਛਲੇ ਦਹਾਕੇ ਵਿੱਚ ਦੇਸ਼ ਦੇ ਸਿਹਤ ਢਾਂਚੇ ਨੂੰ ਬਿਹਤਰ ਕੀਤਾ ਹੈ। ਸ਼ਾਹ ਨੇ ਕਿਹਾ ਕਿ ਸਿਹਤ ਢਾਂਚੇ ਨੂੰ ਪ੍ਰਾਇਮਰੀ ਤੋਂ ਲੈ ਕੇ ਉੱਚ ਪੱਧਰ ਤੱਕ ਬਿਹਤਰ ਬਣਾਇਆ ਗਿਆ ਹੈ। ਉਹ ਇੱਥੇ ਅਗਰੋਹਾ ਦੇ ਮਹਾਰਾਜਾ ਅਗਰਸੈਨ ਮੈਡੀਕਲ ਕਾਲਜ ਕੈਂਪਸ ਵਿੱਚ ਮਹਾਰਾਜਾ ਅਗਰਸੈਨ ਦੇ ਬੁੱਤ ਦਾ ਉਦਘਾਟਨ ਕਰਨ ਮਗਰੋਂ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਵੇਂ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਦਾ ਉਦਘਾਟਨ ਕੀਤਾ ਅਤੇ ਪੋਸਟ ਗ੍ਰੈਜੂਏਟ ਹੋਸਟਲ ਦਾ ਨੀਂਹ ਪੱਥਰ ਰੱਖਿਆ।
ਸ਼ਾਹ ਨੇ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਕਈ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ। ਗਰੀਬਾਂ ਲਈ ਚਾਰ ਕਰੋੜ ਘਰ ਬਣਾਏ ਗਏ ਹਨ, ਜਿਸ ਨਾਲ 20 ਕਰੋੜ ਲੋਕਾਂ ਨੂੰ ਆਸਰਾ ਮਿਲਿਆ ਹੈ। ਇਸੇ ਤਰ੍ਹਾਂ ਦੇਸ਼ ਦੇ 750 ਜ਼ਿਲ੍ਹਿਆਂ ਵਿੱਚ 766 ਹਸਪਤਾਲ ਹਨ। ਉਨ੍ਹਾਂ ਕਿਹਾ, ‘ਮੈਨੂੰ ਵਿਸ਼ਵਾਸ ਹੈ ਕਿ ਅਗਲੇ ਪੰਜ ਸਾਲਾਂ ਵਿੱਚ ਦੇਸ਼ ਦਾ ਕੋਈ ਵੀ ਅਜਿਹਾ ਜ਼ਿਲ੍ਹਾ ਨਹੀਂ ਹੋਵੇਗਾ, ਜਿੱਥੇ ਮੁਫ਼ਤ ਡਾਕਟਰੀ ਇਲਾਜ ਵਾਲਾ ਮੈਡੀਕਲ ਕਾਲਜ ਅਤੇ ਹਸਪਤਾਲ ਨਾ ਹੋਵੇ।’ -ਪੀਟੀਆਈ
ਸਿੱਖ ਗੁਰੂਆਂ ਨੇ ਮਨੁੱਖਤਾ ਤੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ: ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਨੇ ਲੋਕਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਨੇ ਮਨੁੱਖਤਾ ਅਤੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਮਹਾਰਾਜਾ ਅਗਰਸੈਨ ਦਾ ਹਵਾਲਾ ਦਿੰਦਿਆਂ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਚੰਗੇ ਸ਼ਾਸਨ ਲਈ ਕਈ ਸਿਧਾਂਤ ਦਿੱਤੇ ਅਤੇ ਲੋਕ ਉਨ੍ਹਾਂ ਦੇ ਸ਼ਾਸਨ ਦੌਰਾਨ ਖੁਸ਼ਹਾਲ ਹੋਏ। ਉਨ੍ਹਾਂ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਭਾਈਚਾਰੇ ਦਾ ਹਰ ਵਿਅਕਤੀ ਦੇਸ਼ ਪ੍ਰਤੀ ਸਮਰਪਿਤ ਹੈ ਅਤੇ ਇਸ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।