ਮੋਦੀ ਸਰਕਾਰ ਵੱਲੋਂ ਲਿਆਂਦਾ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ: ਕੇਜਰੀਵਾਲ
ਨਵੀਂ ਦਿੱਲੀ, 11 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਰਾਮ ਲੀਲਾ ਮੈਦਾਨ ਵਿੱਚ ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ਼ ‘ਮਹਾ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਲਿਆਂਦਾ ਗਿਆ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ, ”ਭਾਜਪਾ ਮੈਨੂੰ ਨਿੱਤ ਗਾਲ੍ਹਾਂ ਕੱਢਦੀ ਹੈ, ਪਰ ਆਰਡੀਨੈਂਸ ਲਿਆ ਕੇ ਕੇਂਦਰ ਨੇ ਦਿੱਲੀ ਦੇ ਲੋਕਾਂ ਦਾ ਨਿਰਾਦਰ ਕੀਤਾ ਹੈ।” ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਆਰਡੀਨੈਂਸ ਖਿਲਾਫ਼ ਵਿੱਢੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਜ਼ਰੀਏ ਪਹਿਲਾ ਹਮਲਾ ਦਿੱਲੀ ‘ਤੇ ਕੀਤਾ ਗਿਆ ਹੈ ਤੇ ਜਲਦੀ ਹੀ ਅਜਿਹੇ ਹੋਰ ਆਰਡੀਨੈਂਸ ਹੋਰਨਾਂ ਰਾਜਾਂ ਵਿੱਚ ਵੀ ਲਿਆਂਦੇ ਜਾਣਗੇ। ‘ਆਪ’ ਸੁਪਰੀਮੋ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਰੋਕਣ ਲਈ ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ, ਪਰ ਕੇਂਦਰ ਸਰਕਾਰ ਸ਼ਾਇਦ ਭੁੱਲ ਗਈ ਕਿ ‘ਸਾਡੇ ਕੋਲ 100 ਸਿਸੋਦੀਆ ਤੇ 100 ਜੈਨ ਹਨ।” ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੀਨੀਅਰ ਵਕੀਲ ਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ ਤੇ ਹੋਰ ਪਾਰਟੀ ਆਗੂ ਮੌਜੂਦ ਸਨ। ਆਮ ਆਦਮੀ ਪਾਰਟੀ ਦੀ ਇਸ ਮਹਾ ਰੈਲੀ ਲਈ ਰਾਮਲੀਲਾ ਮੈਦਾਨ ਤੇ ਨੇੜਲੇ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। -ਪੀਟੀਆਈ