ਮੰਗਾਂ ਨਾ ਮੰਨੇ ਜਾਣ ਮਗਰੋਂ ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ’ਚ ਵਾਧਾ
ਗਗਨਦੀਪ ਅਰੋੜਾ/ਗੁਰਿੰਦਰ ਸਿੰਘ
ਲੁਧਿਆਣਾ, 12 ਸਤੰਬਰ
ਪੰਜਾਬ ਸਰਕਾਰ ਖ਼ਿਲਾਫ਼ ਪਿਛਲੇ ਤਿੰਨ ਦਿਨਾਂ ਤੋਂ ਕਲਮ ਛੋੜ ਹੜਤਾਲ ’ਤੇ ਬੈਠੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਮਗਰੋਂ ਸਾਰੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜ ਦਿਨਾਂ ਦੀ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਦੌਰਾਨ ਨਾ ਤਾਂ ਕੋਈ ਸ਼ਿਕਾਇਤ ਸੁਣੀ ਜਾਵੇਗੀ ਅਤੇ ਨਾ ਹੀ ਕਿਸੇ ਦਫ਼ਤਰ ਵਿੱਚ ਕੋਈ ਕੰਮ ਕੀਤਾ ਜਾਵੇਗਾ। ਇਸ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪਵੇਗਾ। ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇਗਾ। ਇਸ ਦੇ ਨਾਲ ਹੀ ਬਿਜਲੀ ਮੁਲਾਜ਼ਮਾਂ ਨੂੰ ਪਾਵਰਕੌਮ ਵਿੱਚ ਪ੍ਰਾਈਵੇਟ ਤੌਰ ’ਤੇ ਕੰਮ ਕਰਦੇ ਮੁਲਾਜ਼ਮਾਂ ਦਾ ਵੀ ਸਮਰਥਨ ਮਿਲਿਆ ਹੈ। ਪ੍ਰਾਈਵੇਟ ਮੁਲਾਜ਼ਮਾਂ ਨੇ ਵੀ 13 ਸਤੰਬਰ ਤੋਂ ਹੜਤਾਲ ’ਤੇ ਜਾਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਚਾਰ ਦਿਨਾਂ ਤੱਕ ਸਮੂਹ ਮੁਲਾਜ਼ਮ ਆਪੋ-ਆਪਣੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਅਤੇ ਗੇਟ ਰੈਲੀਆਂ ਕਰਨਗੇ ਅਤੇ 17 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।
ਪੀਐਸਈਬੀ ਮੁਲਾਜ਼ਮ ਜੁਆਇੰਟ ਫਾਰਮ, ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਯੂਨੀਅਨ ਇੰਜਨੀਅਰ ਦੇ ਆਗੂ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਬਿਜਲੀ ਕਾਮਿਆਂ ਦੀਆਂ ਕਈ ਮੰਗਾਂ ਹਨ। ‘ਆਪ’ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਸੱਤਾ ਵਿੱਚ ਆਉਣ ਮਗਰੋਂ ਮੁੱਕਰ ਗਈ। ਹੁਣ ਜਦੋਂ ਧਰਨਾ ਲਾਇਆ ਗਿਆ ਤਾਂ ਸਰਕਾਰ ਨੇ ਕੁਝ ਮੰਗਾਂ ਤਾਂ ਮੰਨ ਲਈਆਂ ਹਨ ਪਰ ਮੁੱਖ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ ਅਤੇ ਟਰੇਡ ਯੂਨੀਅਨ ਦੇ ਹੱਕਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਅੱਜ ਇੱਥੇ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਢਿੱਲੋਂ, ਸੂਬਾਈ ਆਗੂ ਐਡੀਸ਼ਨਲ ਐੱਸਡੀਓ ਰਘਵੀਰ ਸਿੰਘ, ਰਛਪਾਲ ਸਿੰਘ ਪਾਲੀ, ਗੁਰਪ੍ਰੀਤ ਸਿੰਘ ਮਹਿਦੂਦਾਂ ਅਤੇ ਪੈਨਸ਼ਨਰਜ਼ ਯੂਨੀਅਨ ਦੇ ਕੇਵਲ ਸਿੰਘ ਬਨਵੈਤ ਨੇ ਦੋਸ਼ ਲਾਇਆ ਕਿ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਅੰਦਰ ਡਰ ਅਤੇ ਭੈਅ ਪੈਦਾ ਕਰਨ ਲਈ ਅਤੇ ਅਣ ਅਧਿਕਾਰਤ ਕਾਰਵਾਈਆਂ ਕਰਦੇ ਹੋਏ ਅਣ-ਅਧਿਕਾਰਿਤ ਕਰਮਚਾਰੀਆਂ ਅਤੇ ਅਧਿਕਾਰੀਆਂ ਸਮੇਤ ਮਹਿਲਾਵਾਂ ਦੀ ਗਰਿੱਡ ਸਬ-ਸਟੇਸ਼ਨਾਂ ’ਤੇ ਡਿਊਟੀ ਲਗਾਈ ਜਾ ਰਹੀ ਹੈ। ਮੀਟਿੰਗ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਸਮੂਹ ਮੁਲਾਜ਼ਮ ਪੰਜ ਦਿਨਾਂ ਦੀ ਸਮੂਹਿਕ ਛੁੱਟੀ ਦੌਰਾਨ 13 ਤੋਂ 17 ਸਤੰਬਰ ਤੱਕ ਹੜਤਾਲ ’ਤੇ ਰਹਿਣਗੇ। ਵਰਕ ਟੂ ਰੂਲ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹੇਗਾ। ਖੇਤਰੀ ਦੌਰੇ ਦੌਰਾਨ ਬਿਜਲੀ ਮੰਤਰੀ ਅਤੇ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ।