ਮੰਡੀਕਰਨ ਨੀਤੀ ਰਾਹੀਂ ਖੇਤੀ ਕਾਨੂੰਨ ਲਿਆ ਰਿਹੈ ਕੇਂਦਰ: ਢੁੱਡੀਕੇ
ਪਿੰਡ ਅੱਚਰਵਾਲ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਹਿਤ ਮੰਡੀਕਰਨ ਦੇ ਢਾਂਚੇ ਨੂੰ ਤੋੜਨ ਲਈ ਜੋ ਨਵੀਂ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਲਿਆਂਦਾ ਹੈ, ਦਰਅਸਲ ਇਹ ਚੋਰੀ ਮੋਰੀ ਰਾਹੀ ਪੁਰਾਣੇ ਵਿਵਾਦਿਤ ਖੇਤੀ ਕਾਨੂੰਨ ਹੀ ਲਿਆਂਦੇ ਜਾ ਰਹੇ ਹਨ। ਇਸ ਖਰੜੇ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਜਨਵਰੀ ਨੂੰ ਮੋਗੇ ਵਿੱਚ ਹੋਣ ਵਾਲੀ ਕਿਸਾਨ ਮਹਾਂ-ਪੰਚਾਇਤ ਦੀ ਸਫ਼ਲਤਾ ਲਈ ਤਿਆਰੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵੱਡਾ ਇਕੱਠ ਕਰਕੇ ਸੂਬਾ ਸਰਕਾਰ ਤੋਂ ਇਸ ਨਵੇਂ ਖਰੜੇ ਨੂੰ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਜਗਰੂਪ ਸਿੰਘ ਗਿੱਲ ਨੇ ਕੀਤੀ।
ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਬੇਵਕਤੀ ਮੌਤ ਕਾਰਨ ਜਥੇਬੰਦੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੱਜ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਸਾਧੂ ਸਿੰਘ ਅੱਚਰਵਾਲ ਨੂੰ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ। ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਅਤੇ ਰਮਨਜੀਤ ਝੋਰੜਾਂ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਜਗਰੂਪ ਸਿੰਘ ਗਿੱਲ ਖ਼ਜ਼ਾਨਚੀ, ਸੁਖਦੇਵ ਸਿੰਘ ਚੱਕਰ, ਜਿੰਦਰ ਮਾਣੂਕੇ, ਹਰਦੇਵ ਸਿੰਘ ਬਿੰਜਲ, ਸੁਖਜੀਤ ਸਿੰਘ, ਨਿਰਮਲ ਸਿੰਘ ਫੇਰੂਰਾਈ ਪਹਿਲਾਂ ਵਾਂਗ ਆਪਣੇ ਅਹੁਦਿਆਂ ਉਪਰ ਕੰਮ ਕਰਦੇ ਰਹਿਣਗੇ।
ਜਮਹੂਰੀ ਕਿਸਾਨ ਸਭਾ ਵੱਲੋਂ ਇਲਾਕਾ ਪੱਧਰੀ ਮੀਟਿੰਗਗੁਰੂਸਰ ਸੁਧਾਰ (ਪੱਤਰ ਪ੍ਰੇਰਕ):ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਕਿਰਤੀ-ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਦੀ ਅਗਲੀ ਰੂਪਰੇਖਾ ਤੈਅ ਕਰਨ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 9 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗਾ ਵਿੱਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਮਹੂਰੀ ਕਿਸਾਨ ਸਭਾ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਟੀਮ ਨੇ ਇਸ ਸਬੰਧੀ ਪਿੰਡ ਜੜਤੌਲੀ ਵਿੱਚ ਮੀਟਿੰਗ ਕਰਕੇ ਕਿਸਾਨ ਮਹਾਂ ਪੰਚਾਇਤ ਦੀ ਸਫ਼ਲਤਾ ਲਈ ਵਿਉਂਤਬੰਦੀ ਆਰੰਭ ਦਿੱਤੀ ਹੈ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੀਨੀਅਰ ਆਗੂ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖੇਤੀ ਦੇ ਧੰਦੇ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾ ਕੇ ਖਾਦ ਪਦਾਰਥਾਂ ਦੀ ਅੰਨ੍ਹੀ ਲੁੱਟ ਕਰਨਾ ਚਾਹੁੰਦੀ ਹੈ। ਜਿਸ ਨੂੰ ਦੇਸ਼ ਦੇ ਕਿਰਤੀ ਕਿਸਾਨ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।