ਮੰਤਰੀਆਂ ਤੇ ਵਿਧਾਇਕਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ
ਸੰਤੋਖ ਗਿੱਲ
ਗੁਰੂਸਰ ਸੁਧਾਰ, 26 ਅਪਰੈਲ
ਚਾਉਕੇ ਆਦਰਸ਼ ਸਕੂਲ ਸੰਘਰਸ਼ ਨੂੰ ਪੁਲੀਸ ਵੱਲੋਂ ਜਬਰੀ ਖਦੇੜ ਦੇਣ ਅਤੇ ਆਗੂਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੇ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕਾਂ ਨੂੰ ਥਾਂ-ਥਾਂ ਕਾਲੀਆਂ ਝੰਡੀਆਂ ਦਿਖਾਉਣ ਅਤੇ ਵਿਰੋਧ ਕਰਨ ਤੋਂ ਇਲਾਵਾ ਹਾੜੀ ਦੇ ਹਾਲੀਆ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਦੇ ਅੱਗਾਂ ਨਾਲ ਹੋਏ ਨੁਕਸਾਨ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ। ਡੇਹਲੋਂ ਦੇ ਗੁਰਦੁਆਰਾ ਸਾਹਿਬ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਅਦ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਥਾਂ ਬਲ ਪ੍ਰਯੋਗ ਕਰ ਰਹੀ ਹੈ, ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ। ਮੀਟਿੰਗ ਵਿੱਚ 1 ਮਈ ਨੂੰ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਪੰਜਾਬੀ ਭਵਨ ਲੁਧਿਆਣਾ ਵਿੱਚ ਪਲਸ ਮੰਚ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰਾਜੈਕਟਾਂ ਲਈ ਜ਼ਮੀਨਾਂ ਗ੍ਰਹਿਣ ਕਰਨ ਲਈ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤੇ ਬਿਨਾ ਜ਼ਮੀਨਾਂ ਦੇ ਕਬਜ਼ੇ ਨਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਨੋਹਰ ਸਿੰਘ ਕਲ੍ਹਾੜ, ਰਾਜਿੰਦਰ ਸਿੰਘ ਸਿਆੜ, ਚਰਨਜੀਤ ਸਿੰਘ ਫੱਲੇਵਾਲ, ਹਰਜੀਤ ਸਿੰਘ ਘਲੋਟੀ, ਜਗਮੀਤ ਸਿੰਘ ਕਲ੍ਹਾੜ, ਦਰਸ਼ਨ ਸਿੰਘ ਫੱਲੇਵਾਲ ਸਮੇਤ ਹੋਰ ਅਹੁਦੇਦਾਰ ਵੀ ਸ਼ਾਮਲ ਹੋਏ।