ਮੰਤਰੀ ਦੇ ਘਰ ਵੱਲ ਵਧਦੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ
ਜਲੰਧਰ, 31 ਮਾਰਚ
ਕਿਸਾਨਾਂ ਵੱਲੋਂ 13 ਮਹੀਨਿਆਂ ਬਾਅਦ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਨ ਤੋਂ ਨਾਰਾਜ਼ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਅੱਜ ਜਲੰਧਰ ’ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੁਲੀਸ ਵੱਲੋਂ ਲਾਏ ਬੈਰੀਕੇਡ ਪੁੱਟ ਦਿੱਤੇ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 12 ਵਜੇ ਦੇ ਕਰੀਬ ਕਿਸਾਨ ਮਿੱਥੇ ਸਮੇਂ ਅਨੁਸਾਰ ਮੰਤਰੀ ਦੇ ਘਰ ਵੱਲ ਵਧਣੇ ਸ਼ੁਰੂ ਹੋ ਗਏ ਸਨ। ਪੁਲੀਸ ਨੇ ਕਿਸਾਨਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਸਨ। ਇਸ ਦੌਰਾਨ ਜਦੋਂ ਕਿਸਾਨ ਅੱਗੇ ਵਧੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਕਿਸਾਨਾਂ ਨੂੰ ਰੋਕਣ ਵਿੱਚ ਨਾਕਾਮ ਰਹੀ। ਇਸ ਤੋਂ ਬਾਅਦ ਕਿਸਾਨਾਂ ਨੇ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਪਹੁੰਚ ਕੇ ਧਰਨਾ ਦਿੱਤਾ। ਕਿਸਾਨਾਂ ਦਾ ਇਹ ਧਰਨਾ ਦੁਪਹਿਰ ਕਰੀਬ 3 ਵਜੇ ਤੱਕ ਦਿੱਤਾ ਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇ ਬਾਜੀ ਕੀਤਾ। ਦੱਸ ਦੇਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ 2024 ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਰੀਕੇਡ ਲਗਾ ਕੇ ਰਸਤਾ ਬੰਦ ਕਰ ਦਿੱਤਾ। ਕਿਸਾਨਾਂ ਨੇ 4 ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਕਿਸਾਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ।
ਅੰਮ੍ਰਿਤਸਰ: ਕਿਸਾਨਾਂ ਵੱਲੋਂ ਮੰਤਰੀਆਂ ਦੇ ਘਰਾਂ ਨੇੜੇ ਰੋਸ ਵਿਖਾਵੇ
ਅੰਮ੍ਰਿਤਸਰ (ਟਨਸ): ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਕਿਸਾਨਾ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਤਹਿਤ ਜ਼ਿਲ੍ਹੇ ਵਿੱਚ ਦੋ ਕੈਬਨਿਟ ਮੰਤਰੀਆ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਦੇ ਘਰ ਤੇ ਦਫਤਰ ਨੇੜੇ ਵਿਖਾਵੇ ਕੀਤੇ। ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਵੱਲੋਂ ਬਾਰਡਰ ’ਤੇ ਕੀਤੇ ਤਸ਼ੱਦਦ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹੇ ਕਦਮ ਚੱਕੇਗੀ ਤਾਂ ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਨਾਲ ਸਬੰਧਿਤ ਅੰਦੋਲਨ ਦੀਆਂ ਮੰਗਾਂ ਵਿੱਚ ਫ਼ਸਲਾਂ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਦੀ ਕਰਜ਼ ਮੁਕਤੀ, ਮਨਰੇਗਾ ਤਹਿਤ ਵੱਧ ਰੁਜ਼ਗਾਰ ਦੀ ਮੰਗ ਸਮੇਤ 12 ਮੰਗਾਂ ਦੇ ਜਲਦ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਦੇ ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੁਲੀਸ ਬਲ ਦੀ ਵਰਤੋਂ ਕਰਕੇ ਮੋਰਚੇ ਉਖਾੜਨ ਦੀ ਕਾਰਵਾਈ ਕਾਰਨ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ।