ਮੰਤਰੀ ਬਲਜੀਤ ਕੌਰ ਵੱਲੋਂ ਬਿਰਧ ਆਸ਼ਰਮ ਦਾ ਦੌਰਾ ਅੱਜ
ਨਿੱਜੀ ਪੱਤਰ ਪ੍ਰੇਰਕ
ਤਪਾ, 8 ਅਪਰੈਲ
ਪੰਜਾਬ ਸਰਕਾਰ ਵੱਲੋਂ ਤਿਆਰ ਬਾਬਾ ਫੂਲ ਸਰਕਾਰੀ ਬਿਰਧ ਘਰ ਭਲਕੇ 9 ਅਪਰੈਲ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ। ਖੱਟਰ ਪੱਤੀ, ਢਿੱਲਵਾਂ ਰੋਡ, ਤਪਾ (ਜ਼ਿਲ੍ਹਾ ਬਰਨਾਲਾ) ਵਿੱਚ ਬਣੇ ਇਸ ਆਸ਼ਰਮ ’ਚ ਇਸ ਵੇਲੇ 5 ਬਜ਼ੁਰਗ ਰਜਿਸਟ੍ਰੇਸ਼ਨ ਸ਼ੁਰੂ ਹੋਣ ਮਗਰੋਂ ਰਹਿ ਰਹੇ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਦੱਸਿਆ ਕਿ ਇਹ ਆਸ਼ਰਮ 26 ਕਨਾਲ 17 ਮਰਲੇ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 8.21 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ ਤੇ ਇਸ ਨੂੰ ਸਚਾਰੂ ਢੰਗ ਨਾਲ ਚਲਾਉਣ ਕੁੱਲ 1 ਕਰੋੜ ਤੋਂ ਵੱਧ ਦਾ ਸਾਮਾਨ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਬਿਰਧ ਘਰ ਵਿੱਚ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਤਹਿਤ ਇਕ ਵਿਸ਼ਾਲ ਸਿਹਤ ਚੈੱਕਅਪ ਕੈਂਪ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਾਇਆ ਜਾ ਰਿਹਾ ਹੈ।
ਬੇਰੁਜ਼ਗਾਰ ਮੰਤਰੀ ਬਲਜੀਤ ਕੌਰ ਨੂੰ ਘੇਰਨ ਦੀ ਤਿਆਰੀ ’ਚ
ਨਿੱਜੀ ਪੱਤਰ ਪ੍ਰੇਰਕ
ਤਪਾ ਮੰਡੀ, 8 ਅਪਰੈਲAdvertisementਅੱਜ ਤਪਾ ਮੰਡੀ ਵਿੱਚ ਬਿਰਧ ਆਸ਼ਰਮ ਦਾ ਉਦਘਾਟਨ ਕਰਨ ਪਹੁੰਚ ਰਹੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਬੇਰੁਜ਼ਗਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾਣਗੇ। ਇਹ ਜਾਣਕਾਰੀ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਮਿਲਿਆ ਅਤੇ ਵੱਡੀ ਗਿਣਤੀ ਓਵਰਏਜ਼ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਰਜਨਾਂ ਵਾਰ ਰੁਜ਼ਗਾਰ ਅਤੇ ਉਮਰ ਹੱਦ ਛੋਟ ਦੇਣ ਦਾ ਵਾਅਦਾ ਕੀਤਾ ਹੈ। ਲੰਘੇ ਤਿੰਨ ਸਾਲਾਂ ਵਿੱਚ ਇੱਕ ਵੀ ਪੋਸਟ ਨਹੀਂ ਕੱਢੀ ਅਤੇ ਨਾ ਹੀ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਕੀਤਾ ਹੈ।ਇਸ ਕਰਕੇ ਬੁੱਧਵਾਰ ਨੂੰ ਤਪਾ ਮੰਡੀ ਵਿੱਚ ਬਿਰਧ ਆਸ਼ਰਮ ਦਾ ਉਦਘਾਟਨ ਕਰਨ ਪਹੁੰਚ ਰਹੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਬੇਰਜਗਾਰਾਂ ਵੱਲੋਂ ਸਵਾਲ ਕੀਤੇ ਜਾਣਗੇ।