ਮੱਛਰਾਂ ਤੋਂ ਬਚਾਅ ਸਬੰਧੀ ਦੱਸਿਆ
ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਜੂਨ
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ’ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ। ਸਿਹਤ ਵਿਭਾਗ ਦੀਆਂ ਟੀਮਾਂ ਨੇ ਮੈਰਿਜ ਪੈਲੇਸਾਂ, ਮਠਿਆਈ ਦੀਆਂ ਦੁਕਾਨਾਂ ਅਤੇ ਘਰ ਘਰ ਜਾ ਕੇ ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਲਾਰਵੇ ਦੀ ਚੈਕਿੰਗ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਸਾਫ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਜਿਸ ਦੇ ਮੁੱਖ ਸ੍ਰੋਤ ਫਰਿੱਜ਼ਾਂ ਦੀਆਂ ਟਰੇਆਂ, ਕੂਲਰ ਪੰਛੀਆਂ ਦੇ ਪੀਣ ਲਈ ਰੱਖੇ ਬਰਤਨ, ਗਮਲੇ ਅਤੇ ਛੱਤਾਂ ’ਤੇ ਪਿਆ ਕਬਾੜ ਆਦਿ ਹੁੰਦੇ ਹਨ।
ਇਸ ਲਈ ਹਫ਼ਤੇ ਵਿਚ ਇਕ ਵਾਰ ਖੜ੍ਹੇ ਪਾਣੀ ਦਾ ਨਿਪਟਾਰਾ ਕਰਨਾ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਵਿਚ ਡੇਂਗੂ ਮੱਛਰ ਨਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ਼ ਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਆਦਿ ਲੱਛਣ ਦਿਖਾਈ ਦੇਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਜਾ ਕੇ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਇਆ ਜਾਵੇ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਜਰਨੈਲ ਸਿੰਘ, ਅਰੁਣਦੀਪ ਸਿੰਘ, ਜਗਦੀਪ ਸਿੰਘ, ਕੁਲਵੀਰ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ।