ਯਮੁਨਾਨਗਰ ਦੇ ਵਿਕਾਸ ਕਾਰਜ ਤੇਜ਼ ਕਰਨ ਦੇ ਨਿਰਦੇਸ਼
ਪੱਤਰ ਪ੍ਰੇਰਕ
ਯਮੁਨਾਨਗਰ, 2 ਮਈ
ਕੁਰੂਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਵੀਨ ਜਿੰਦਲ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਯਮੁਨਾਨਗਰ ਨੂੰ ਵਿਕਸਤ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਜ਼ਿਲ੍ਹਾ ਸਕੱਤਰੇਤ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤੇ ਕੇਂਦਰ ਸਰਕਾਰ ਵੱਲੋਂ ਸਪਾਂਸਰ ਯੋਜਨਾਵਾਂ ਲਾਗੂ ਕਰਨ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਟੀਚੇ ਮਿਥੇ ਸਮੇਂ ’ਚ ਪੂਰੇ ਕਰਨ ਲਈ ਵਿਕਾਸ ਕਾਰਜਾਂ ’ਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਅੰਬਾਲਾ ਤੋਂ ਲੋਕ ਸਭਾ ਮੈਂਬਰ ਤੇ ਜ਼ਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੇ ਉਪ-ਪ੍ਰਧਾਨ ਵਰੁਣ ਚੌਧਰੀ, ਡੀਸੀ ਪਾਰਥ ਗੁਪਤਾ, ਨਗਰ ਨਿਗਮ ਕਮਿਸ਼ਨਰ ਆਯੂਸ਼ ਸਿਨਹਾ, ਏਡੀਸੀ ਨਵੀਨ ਆਹੂਜਾ ਮੌਜੂਦ ਸਨ। ਲੋਕ ਸਭਾ ਮੈਂਬਰ ਨਵੀਨ ਜਿੰਦਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਾਰੇ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ, ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਕੈਂਪ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਜ਼ਹਿਰ ਮੁਕਤ ਖੇਤੀ ਉਤਪਾਦਨ ਰਾਹੀਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਫਾਈ ਦੇ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਲਾਵਾਰਸ ਜਾਨਵਰਾਂ ਕਾਰਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਮਾਈਨਿੰਗ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਗੈਰ-ਕਾਨੂੰਨੀ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਮੇਟੀ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਮਾਈਨਿੰਗ ਫੰਡਾਂ ਦੀ ਵਰਤੋਂ ਕਰਕੇ ਸੜਕਾਂ ਦੀ ਮੁਰੰਮਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੂੰ ਹਦਾਇਤ ਕੀਤੀ ਕਿ ਪਿੰਡ ਗੁਮਥਲਾ, ਮਾਡਲ ਟਾਊਨ ਕਰ੍ਹੇੜਾ, ਭੋਗਪੁਰ, ਸਿਕੰਦਰਾ, ਬੁੜੀਆ, ਖਦਰੀ, ਦੇਵਧਰ ਆਦਿ ਦੀਆਂ ਸੜਕਾਂ ਦੀ ਮੁਰੰਮਤ ਜਲਦੀ ਕਰਵਾਈ ਜਾਵੇ। ਬੈਠਕ ਵਿੱਚ ਕਾਰਜਕਾਰੀ ਇੰਜੀਨੀਅਰ ਨੇ ਕਿਹਾ ਕਿ ਰੇਲਵੇ ਓਵਰਬ੍ਰਿਜ ਦਾ ਕੰਮ 15 ਜੂਨ ਤੱਕ ਪੂਰਾ ਹੋ ਜਾਵੇਗਾ। ਜਿੰਦਲ ਨੇ ਕਿਹਾ ਕਿ ਨੌਜਵਾਨਾਂ ਵਿੱਚ ਹੁਨਰ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।