ਯਮੁਨਾਨਗਰ: ਨਾਜਾਇਜ਼ ਖਣਨ ਰੋਕਣ ਲਈ ਵਾਹਨਾਂ ਦੀ ਚੈਕਿੰਗ
ਪੱਤਰ ਪ੍ਰੇਰਕ
ਯਮੁਨਾਨਗਰ, 26 ਅਪਰੈਲ
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਿਹਾ ਕਿ ਹਰਿਆਣਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਮਾਈਨਿੰਗ ’ਤੇ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਡਾਇਰੈਕਟਰ ਜਨਰਲ ਕੇਐੱਮ ਪਾਂਡੂਰੰਗ ਖੁਦ ਮਾਈਨਿੰਗ ਵਿਭਾਗ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕੁੱਲ 2093 ਵਾਹਨਾਂ ਦੀ ਚੈਕਿੰਗ ਦੌਰਾਨ 1 ਵਾਹਨ ਜ਼ਬਤ ਕੀਤਾ ਗਿਆ ਅਤੇ 4 ਲੱਖ 26 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਹਰਿਆਣਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਵੱਖ-ਵੱਖ ਪੱਧਰਾਂ ’ਤੇ ਟੀਮਾਂ ਬਣਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਢੋਆ-ਢੁਆਈ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਲਈ ਲਗਾਤਾਰ ਢੁਕਵੇਂ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸਡੀਐੱਮ ਛਛਰੌਲੀ ਦੀਆਂ ਟੀਮਾਂ ਵੱਲੋਂ 1373 ਵਾਹਨਾਂ ਦੀ ਜਾਂਚ ਕੀਤੀ ਗਈ। ਇਸੇ ਤਰ੍ਹਾਂ ਐੱਸਡੀਐਮ ਜਗਾਧਰੀ ਦੀਆਂ ਟੀਮਾਂ ਵੱਲੋਂ 256 ਵਾਹਨਾਂ ਦੀ ਚੈਕਿੰਗ ਦੌਰਾਨ 1 ਵਾਹਨ ਜ਼ਬਤ ਕੀਤਾ ਗਿਆ ਅਤੇ 4 ਲੱਖ 26 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਐੱਸਡੀਐੱਮ ਰਾਦੌਰ ਦੀਆਂ ਟੀਮਾਂ ਵੱਲੋਂ 288 ਵਾਹਨਾਂ ਦੀ ਚੈਕਿੰਗ ਦੌਰਾਨ 4 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 2,000 ਰੁਪਏ ਜੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਐੱਸਡੀਐੱਮ ਵਿਆਸਪੁਰ ਦੀ ਟੀਮ ਵੱਲੋਂ 176 ਵਾਹਨਾਂ ਦੀ ਜਾਂਚ ਕੀਤੀ ਗਈ। ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਜ਼ਿਲ੍ਹੇ ਵਿੱਚੋਂ ਵਗਦੇ ਯਮੁਨਾ ਨਦੀ ਅਤੇ ਹੋਰ ਥਾਵਾਂ ‘ਤੇ ਗੈਰ-ਕਾਨੂੰਨੀ ਮਾਈਨਿੰਗ ਅਤੇ ਈ-ਰਾਵਣ ਬਿੱਲ ਤੋਂ ਬਿਨਾਂ ਚੱਲਣ ਵਾਲੇ ਖਣਿਜ ਵਾਹਨਾਂ ਨੂੰ ਰੋਕਣ ਲਈ ਪੂਰੀ ਗੰਭੀਰਤਾ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ।