‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕ ਲਹਿਰ ਬਣਾਵਾਂਗੇ: ਕੁਲਵੰਤ ਸਿੰਘ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਮਈ
‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਵੀ ਲਾਮਬੰਦ ਕਰ ਰਹੇ ਹਨ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੱਤ ਮਈ ਤੋਂ ਪਿੰਡ ਅਤੇ ਵਾਰਡ ਪੱਧਰ ’ਤੇ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਮੁਹਾਲੀ ਵਿੱਚ ਪਿੰਡ ਸੰਭਾਲਕੀ ਤੋਂ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸੇ ਦਿਨ ਨਾਨੂੰਮਾਜਰਾ ਤੇ ਰਾਏਪੁਰ ਖ਼ੁਰਦ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਲਈ ਪ੍ਰੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇਗਾ।
ਇੰਜ ਹੀ ਮੌਜਪੁਰ, ਸੈਦਪੁਰ, ਗਿੱਦੜਪੁਰ, ਲਖਨੌਰ, ਭਾਗੋਮਾਜਰਾ, ਬੈਂਰੋਪੁਰ, ਚੱਪੜਚਿੜੀ ਖ਼ੁਰਦ, ਕੈਲੋਂ, ਲਾਂਡਰਾਂ, ਬਲੌਂਗੀ, ਬੱਲੋਮਾਜਰਾ, ਬਲਿਆਲੀ, ਦਾਊਂ, ਰਾਮਗੜ੍ਹ, ਰਾਏਪੁਰ, ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਝਾਮਪੁਰ, ਤੰਗੌਰੀ ਅਤੇ ਮਨਾਣਾ ਆਦਿ ਪਿੰਡਾਂ ਨੂੰ 19 ਮਈ ਤੱਕ ਕਵਰ ਕੀਤਾ ਜਾਵੇਗਾ। ਦੂਜੇ ਪੜਾਅ ਵਿੱਚ ਬਾਕੀ ਰਹਿੰਦੇ ਪਿੰਡਾਂ ਦੀਆਂ ਸੱਥਾਂ ਵਿੱਚ ਵਿਧਾਇਕ ਕੁਲਵੰਤ ਸਿੰਘ ਅਤੇ ‘ਆਪ’ ਵਾਲੰਟੀਅਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਅਲਖ ਜਗਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ-ਪੱਖੀ ਰਣਨੀਤੀ ’ਤੇ ਕੰਮ ਕਰ ਕੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਪਹਿਲੇ ਪੜਾਅ ਵਿੱਚ ਨਸ਼ਾ ਤਸਕਰਾਂ ਦੁਆਲੇ ਸ਼ਿਕੰਜਾ ਕੱਸ ਕੇ ਨਸ਼ਾ ਤਸਕਰੀ ਦਾ ਨੈੱਟਵਰਕ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਦੂਜੇ ਪੜਾਅ ਵਿੱਚ ਨਸ਼ਾ ਪੀੜਤਾਂ ਦਾ ਇਲਾਜ, ਮੁੜ ਵਸੇਬੇ ਦੌਰਾਨ ਹੁਨਰ ਸਿਖਲਾਈ ਦੇਣਾ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਸਵੈ-ਨਿਰਭਰ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੈਕਟਰ-66 ਵਿੱਚ ਸਰਕਾਰੀ ਨਸ਼ਾ ਮੁਕਤੀ ਕੇਂਦਰ ਨੂੰ ਅਪਗਰੇਡ ਅਤੇ ਨਵੀਨੀਕਰਨ ਕੀਤਾ ਗਿਆ ਹੈ। ਜਿੱਥੇ ਬਿਸਤਰਿਆਂ ਦੀ ਸਮਰੱਥਾ 100 ਤੱਕ ਵਧਾ ਦਿੱਤੀ ਗਈ ਹੈ ਅਤੇ ਜਲਦੀ ਹੀ ਇੱਕ ਹੋਰ ਮੰਜ਼ਿਲ ਬਣਾ ਕੇ ਇਸ ਨੂੰ 200 ਬੈੱਡਾਂ ਦਾ ਜਾਵੇਗਾ। ਇੱਥੇ ਸਨ ਫਾਊਂਡੇਸ਼ਨ ਦੀ ਮਦਦ ਨਾਲ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤੇ ਗਏ ਹਨ।