‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਫ਼ਲਤਾ ਵੱਲ ਵਧ ਰਹੀ ਹੈ: ਅਰੋੜਾ
ਫਾਜ਼ਿਲਕਾ, 5 ਅਪਰੈਲ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹ ਇੱਥੇ ਆਸਫ ਵਾਲਾ ਵਿੱਚ ਬਣੀ ਸ਼ਹੀਦਾਂ ਦੀ ਸਮਾਧ ’ਤੇ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਸੰਨ 1971 ਦੇ ਭਾਰਤ-ਪਾਕਿ ਯੁੱਧ ਵਿੱਚ ਦੇਸ਼ ਲਈ ਕੁਰਬਾਨੀ ਕਰਨ ਵਾਲੇ ਮਹਾਨ ਸੂਰਵੀਰਾਂ ਦੀ ਯਾਦ ਵਿੱਚ ਬਣੀ ਸ਼ਹੀਦਾਂ ਦੀ ਸਮਾਧ ਪਵਿੱਤਰ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕ ਵੀ ਵੱਡੇ ਪੱਧਰ ’ਤੇ ਸਹਿਯੋਗ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਸਰਬਪੱਖੀ ਵਿਕਾਸ ਦਾ ਬੀੜਾ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਨੂੰ ਪੰਜ ਕਰੋੜ ਰੁਪਏ ਦਿੱਤੇ ਗਏ ਹਨ ਤਾਂ ਜੋ ਸਥਾਨਕ ਜਰੂਰਤਾਂ ਅਨੁਸਾਰ ਵਿਕਾਸ ਕਰਵਾਇਆ ਜਾ ਸਕੇ।
ਇਸ ਤੋਂ ਪਹਿਲਾਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਸ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ।