ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਨੂੰ ਸਮੂਹਿਕ ਲਹਿਰ ਸਿਰਜਣ ਦਾ ਸੱਦਾ
ਸੁਰਜੀਤ ਮਜਾਰੀ
ਨਵਾਂ ਸ਼ਹਿਰ, 4 ਅਪਰੈਲ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਭਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਪੰਜਾਬ ਵਿੱਚ ਨਸ਼ਿਆਂ ਦੀ ਭਰਮਾਰ ਲਈ ਪਿਛਲੀਆਂ ਸਰਕਾਰਾਂ ਸਿਰ ਦੋਸ਼ ਮੜ੍ਹਦਿਆਂ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਜੇਕਰ ਸਮੇਂ ਸਮੇਂ ਸਰਕਾਰਾਂ ਨੇ ਸਖ਼ਤ ਫ਼ੈਸਲੇ ਲਏ ਹੁੰਦੇ ਤਾਂ ਅੱਜ ਜੁਆਨੀ ਨੂੰ ਨਸ਼ਿਆਂ ਦਾ ਘੇਰਾ ਨਾ ਪੈਂਦਾ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਇਸ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਬੋਰਡ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਆਦਿ ਸ਼ਾਮਲ ਸਨ।