ਯੂਟੀ ਪ੍ਰਸ਼ਾਸਨ ਵੱਲੋਂ ਸੈਰ-ਸਪਾਟੇ ਨੂੰ ਕੀਤਾ ਜਾਵੇਗਾ ਉਤਸ਼ਾਹਿਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਨਵੰਬਰ
ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸੈਰ-ਸਪਾਟਾ ਵਿਭਾਗ ਦੀ ਮੀਟਿੰਗ ਯੂਟੀ ਦੇ ਗ੍ਰਹਿ ਸਕੱਤਰ ਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਮਨਦੀਪ ਸਿੰਘ ਬਰਾੜੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਸ਼ਹਿਰ ਵਿੱਚ ਸੈਰ ਸਪਾਟੇ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸੈਲਾਨੀਆਂ ਦਾ ਫੀਡਬੈਕ ਲੈਣ ਲਈ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ।
ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਸ਼ਹਿਰ ਵਿੱਚ ਸੈਲਾਨੀਆਂ ਦੀ ਖਿੱਚ ਲਈ ਸੈਕਟਰ-17 ਵਿੱਚ ਫੂਡ ਫੈਸਟੀਵਲ ਲਗਾਏ ਜਾਣਗੇ। ਇਨ੍ਹਾਂ ਫੂਡ ਫੈਸਟੀਵਲ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਲੋਕਾਂ ਨੂੰ ਨਾਲ ਜੋੜਿਆ ਜਾਵੇਗਾ। ਇਸ ਨਾਲ ਚੰਡੀਗੜ੍ਹ ਵਿੱਚ ਬੈਠੇ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਦਾ ਭੋਜਨ ਖਾਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਰ-ਸਪਾਟਾ ਵਿਭਾਗ ਵੱਲੋਂ ਸੈਲਾਨੀਆਂ ਦੀ ਸਹੂਲਤ ਲਈ ਤਿਆਰ ਕੀਤੀ ਐਪ ਨੂੰ ਹੋਰ ਅਪਡੇਟ ਕੀਤਾ ਜਾਵੇਗਾ, ਜਿਸ ਨਾਲ ਵੱਧ ਤੋਂ ਵੱਧ ਲੋਕ ਐਪ ਦੀ ਵਰਤੋਂ ਕਰਨ ਅਤੇ ਸ਼ਹਿਰ ਦੀਆਂ ਵਿਰਾਸਤੀ ਇਮਾਰਤਾਂ ਸਣੇ ਹੋਰ ਘੁੰਮਣ ਫਿਰਨ ਵਾਲੀਆਂ ਥਾਵਾਂ ਦਾ ਆਨੰਦ ਮਾਨ ਸਕਣ।
ਸ੍ਰੀ ਬਰਾੜ ਨੇ ਸੁਝਾਅ ਦਿੱਤਾ ਕਿ ਸ਼ਹਿਰ ਵਿੱਚ ਸੈਲਾਨੀਆਂ ਲਈ ਪੂਰੇ ਦਿਨ ਦਾ ਵਿਜ਼ਟਰ ਪਾਸ ਸਿਸਟਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਇਸ ਪਾਸ ਰਾਹੀਂ ਸ਼ਹਿਰ ਵਿੱਚ ਸੈਲਾਨੀਆਂ ਨੂੂੰ ਕੁਝ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤਰ੍ਹਾਂ ਚੰਡੀਗੜ੍ਹ ਘੁੰਮਣ ਆਉਣ ਵਾਲੇ ਸੈਲਾਨੀ ਵੱਧ ਤੋਂ ਵੱਧ ਸਮਾਂ ਚੰਡੀਗੜ੍ਹ ਵਿੱਚ ਗੁਜ਼ਾਰ ਸਕਣਗੇ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਦੇ ਖੇਤਰ ਨੂੰ ਵਿਕਸਿਤ ਕਰਨ ਲਈ ਲੋਕਾਂ ਦੇ ਸੁਝਾਅ ਵੀ ਲੈਣ ਚਾਹੀਦੇ ਹਨ ਤਾਂ ਜੋ ਲੋਕਾਂ ਦੇ ਸੁਝਾਵਾਂ ਅਨੁਸਾਰ ਹੀ ਸ਼ਹਿਰ ਵਿੱਚ ਸੈਰ ਸਪਾਟੇ ਦੇ ਖੇਤਰ ਨੂੰ ਵਿਕਸਿਤ ਕੀਤਾ ਜਾ ਸਕੇ। ਚੰਡੀਗੜ੍ਹ ਦੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਸੈਰ ਸਪਾਟੇ ਦੇ ਖੇਤਰ ਨੂੰ ਵਿਕਸਿਤ ਕਰਨ ਲਈ ਆਪਣੇ ਸੁਝਾਅ ਦੇਣ। ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਸੁਝਾਅ ਵਿਭਾਗ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਪਲੈਟਫਾਰਮ ਤੋਂ ਫਾਰਮ ਹਾਸਲ ਕਰ ਕੇ ਦੇ ਸਕਦੇ ਹਨ।