ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਪਰੈਲ
ਭਾਰਤੀ ਯੂਥ ਕਾਂਗਰਸ ਨੇ ਅੱਜ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਦੇ ਵਰਕਾਂ ਨੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ’ਤੇ ਭਾਜਪਾ ਦੀ ਆਲੋਚਨਾ ਕਰਦੇ ਹੋਏ ਨਾਅਰੇ ਲਿਖੇ ਹੋਏ ਸਨ। ਦਿੱਲੀ ਯੂਥ ਕਾਂਗਰਸ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈ ਕੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਵੇ, ਨਹੀਂ ਤਾਂ ਯੂਥ ਕਾਂਗਰਸ ਇਸੇ ਤਰ੍ਹਾਂ ਸੜਕ ਤੋਂ ਲੈ ਕੇ ਸੰਸਦ ਤੱਕ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖੇਗੀ। ਕੌਮੀ ਪ੍ਰਧਾਨ ਉਦੈ ਭਾਨੂ ਚਿਬ ਨੇ ਕਿਹਾ ਕਿ ਇਸ ਸਮੇਂ ਭਾਰਤ ਵਿੱਚ 100 ਕਰੋੜ ਲੋਕ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਉਹ ਤਾਂ ਆਪਣੇ ਦੋਸਤਾਂ ਦੇ ਖਜ਼ਾਨੇ ਭਰਨ ’ਤੇ ਲੱਗੇ ਹੋਏ ਹਨ। ਦਿੱਲੀ ਯੂਥ ਕਾਂਗਰਸ ਦੇ ਪ੍ਰਧਾਨ ਅਕਸ਼ੈ ਲਾਕਰਾ ਨੇ ਕਿਹਾ ਕਿ ਮੋਦੀ ਦੀ ਨੀਤੀ ਆਪਣੇ ਹੀ ਲੋਕਾਂ ’ਤੇ ਤਸ਼ੱਦਦ ਕਰਨਾ ਅਤੇ ਦੂਜਿਆਂ ‘ਤੇ ਰਹਿਮ ਕਰਨਾ ਹੈ। ਕੀ ਕੇਂਦਰ ਸਰਕਾਰ ਅਜਿਹੀ ਸਰਕਾਰੀ ਲੁੱਟ ਦਾ ਸਹਾਰਾ ਲੈ ਕੇ ਟੈਰਿਫ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚਾ ਤੇਲ 35 ਰੁਪਏ ਪ੍ਰਤੀ ਲਿਟਰ ‘ਤੇ ਵਿਕ ਰਿਹਾ ਹੈ, ਪਿਛਲੇ 4 ਸਾਲਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਇਹ ਸਭ ਤੋਂ ਵੱਡੀ ਗਿਰਾਵਟ ਹੈ ਪਰ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇਸ਼ ਦੇ ਲੋਕਾਂ ਨੂੰ ਇਸ ਸਸਤੇ ਤੇਲ ਦਾ ਮਾਮੂਲੀ ਜਿਹਾ ਲਾਭ ਵੀ ਨਹੀਂ ਦੇਣਾ ਚਾਹੁੰਦੀ ਹੈ।