ਯੂਪੀ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਭਾਜਪਾ: ਮਾਇਆਵਤੀ
ਲਖਨਊ, 24 ਮਾਰਚ
ਬਹੁਜਨ ਸਮਾਜ ਪਾਰਟੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਆਪਣੇ ਅੱਠ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਨਹੀਂ ਉਤਰੀ। ਉਨ੍ਹਾਂ ਦਾਅਵਾ ਕੀਤਾ ਕਿ 2017 ਵਿੱਚ ਭਾਜਪਾ ਦੇ ਸੂਬੇ ਦੀ ਸੱਤਾ ਸੰਭਾਲਣ ਮਗਰੋਂ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਹੈ। ਉਨ੍ਹਾਂ ਦੀਆਂ ਇਹ ਟਿੱਪਣੀਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਏ ਜਾਣ ਤੋਂ ਬਾਅਦ ਆਈਆਂ ਹਨ।
ਮਾਇਆਵਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, ‘‘ਨਾ ਕਾਂਗਰਸ, ਨਾ ਭਾਜਪਾ, ਅਤੇ ਨਾ ਹੀ ਕਿਸੇ ਹੋਰ ਪਾਰਟੀ ਨੂੰ ਆਪਣੇ ਸਿਆਸੀ ਲਾਹੇ ਲਈ ਸਾਡੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਇਜਾਜ਼ਤ ਦਿੱਤੀ ਜਾਵੇਗੀ, ਖਾਸ ਕਰ ਰਾਖਵੇਂਕਰਨ ਦੇ ਮਾਮਲੇ ਵਿੱਚ। ਲੋੜ ਪੈਣ ’ਤੇ ਬਸਪਾ ਅਜਿਹੀ ਕਿਸੇ ਵੀ ਕੋਸ਼ਿਸ਼ ਖ਼ਿਲਾਫ਼ ਸੰਘਰਸ਼ ਲਈ ਪੂਰੀ ਤਰ੍ਹਾਂ ਤਿਆਰ ਹੈ।’’
ਯੂਪੀ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ, ‘‘ਯੂਪੀ ਵਿੱਚ ਭਾਜਪਾ ਸਰਕਾਰ ਦਾ ਅੱਠ ਸਾਲਾਂ ਦਾ ਸਾਸ਼ਨ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਨਹੀਂ ਉਤਰਿਆ।’’ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਖ਼ਰਾਬ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਘਾਟ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ ਹੈ। ਸਮਾਜਿਕ ਨਿਆਂ ਦੇ ਮੁੱਦੇ ’ਤੇ ਬਸਪਾ ਨੇ ਕਿਹਾ, ‘‘ਡਾ. ਬੀਆਰ ਅੰਬੇਡਕਰ ਨੂੰ ਮਨੂਸਮ੍ਰਿਤੀ ਬਾਰੇ ਪੂਰਾ ਗਿਆਨ ਸੀ। ਉਨ੍ਹਾਂ ਦੀ ਪੈਰੋਕਾਰ ਅਤੇ ਬਸਪਾ ਦੀ ਕੌਮੀ ਪ੍ਰਧਾਨ ਹੋਣ ਕਾਰਨ ਮੈਨੂੰ ਵੀ ਇਸ ਦੀ ਪੂਰੀ ਜਾਣਕਾਰੀ ਹੈ।’’
ਉਨ੍ਹਾਂ ਕਿਹਾ, ‘‘ਇਸ ਲਈ ਬਸਪਾ ਦੀ ਸਥਾਪਨਾ ਇਸ ਪ੍ਰਬੰਧ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਦੱਬੇ-ਕੁਚਲੇ ਅਤੇ ਪੀੜਤ ਲੋਕਾਂ ਨੂੰ ਸਮਰੱਥ ਬਣਾਉਣ ਲਈ ਕੀਤੀ ਗਈ ਸੀ। ਇਹ ਹਰ ਕੋਈ ਜਾਣਦਾ ਹੈ।’’ -ਪੀਟੀਆਈ