ਪੱਤਰ ਪ੍ਰੇਰਕਗੁਰੂਸਰ ਸੁਧਾਰ, 25 ਦਸੰਬਰਪਹਿਲਾਂ ਕਣਕ ਅਤੇ ਆਲੂਆਂ ਦੀ ਬਿਜਾਈ ਮੌਕੇ ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਦੀ ਕਮੀ ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਗਿਆ ਸੀ ਅਤੇ ਹੁਣ ਪੰਜਾਬ ਦੇ ਕਿਸਾਨ ਕਣਕ ਦੀ ਫ਼ਸਲ ਲਈ ਯੂਰੀਆ ਦੀ ਕਿੱਲਤ ਨਾਲ ਮੁੜ ਜੂਝ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ, ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਨਾਜ਼ਰ ਸਿੰਘ ਸਿਆੜ ਨੇ ਦੋਸ਼ ਲਾਇਆ ਕਿ ਕਣਕ ਦੀ ਫ਼ਸਲ ਨਾਈਟ੍ਰੋਜਨ ਦੀ ਕਮੀ ਕਾਰਨ ਪੀਲੀ ਪੈ ਰਹੀ ਹੈ, ਪਰ ਕਿਸਾਨਾਂ ਲਈ ਯੂਰੀਆ ਖਾਦ ਨਾ ਮਾਰਕੀਟ ਵਿੱਚ ਉਪਲਬਧ ਹੈ ਅਤੇ ਨਾ ਹੀ ਸਹਿਕਾਰੀ ਸਭਾਵਾਂ ਵਿੱਚ ਮਿਲ ਰਹੀ ਹੈ। ਕਿਸਾਨ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਖਾਦ ਦੀ ਖ਼ਰੀਦ ਸਮੇਂ ਕਈ ਬੇਲੋੜੀਆਂ ਵਸਤੂਆਂ ਕਿਸਾਨਾਂ ਦੇ ਗਲ਼ੇ ਮੜ੍ਹ ਕੇ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੁੱਟ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਵਧਾਉਣ ਲਈ ਸਰਕਾਰਾਂ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਖੱਜਲ-ਖ਼ੁਆਰੀ, ਖਾਦਾਂ ਦੀ ਉਪਲਬਧਤਾ ਮੌਕੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਯੂਰੀਆ ਖਾਦ ਦਾ ਫ਼ੌਰੀ ਪ੍ਰਬੰਧ ਨਾ ਕਰਨ ਦੀ ਸੂਰਤ ਵਿੱਚ ਕਿਸਾਨ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।