ਰਾਜਧਾਨੀ ’ਚ ਕਈ ਥਾਈਂ ਅੰਬੇਡਕਰ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ, 14 ਅਪਰੈਲ
ਇੱਥੇ ਅੱਜ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਡਾ. ਭੀਮ ਰਾਓ ਅੰਬੇਡਕਾਰ ਨੂੰ ਉਨ੍ਹਾਂ ਦੀ 134ਵੀਂ ਜੈਅੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਸ਼ਖ਼ਸੀਅਤਾਂ ਨੇ ਸੰਸਦ ਭਵਨ ਵਿੱਚ ਪ੍ਰੇਰਨਾ ਸਥਲ ’ਤੇ ਡਾ. ਅੰਬੇਡਕਰ ਦੀ ਮੂਰਤੀ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਵਿਧਾਨ ਸਭਾ ਹਲਕੇ ਸ਼ਾਲੀਮਾਰ ਬਾਗ ਵਿੱਚ ਇੱਕ ਸਮਾਗਮ ਦੌਰਾਨ ਡਾ. ਅੰਬੇਡਕਰ ਦੀ ਮੂਰਤੀ ’ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਰੇਖਾ ਗੁਪਤਾ ਨੇ ਡਾ. ਅੰਬੇਡਕਰ ਦੇ ਜੀਵਨ ਬਾਰੇ ਚਾਨਣਾ ਪਾਇਆ। ਮਗਰੋ ਉਨ੍ਹਾਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਅਤੇ ਹੋਰਨਾਂ ਮੰਤਰੀਆਂ ਨਾਲ ਵਿਧਾਨ ਸਭਾ ਅੰਦਰ ਡਾ. ਬੀਆਰ ਅੰਬੇਡਕਰ ਦੀ ਮੂਰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਰੇਖਾ ਗੁਪਤਾ ਨੇ ਅੰਬੇਡਕਰ ਨੂੰ ਸਮਾਨਤਾ, ਸਮਾਜਿਕ ਨਿਆਂ ਅਤੇ ਮਾਨਵ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਾਲਾ ਮਸੀਹਾ ਦੱਸਿਆ। ਉਨ੍ਹਾਂ ਭਾਰਤ ਦੇ ਸੰਵਿਧਾਨ ਦੇ ਰਚੇਤਾ ਡਾ. ਬੀਆਰ ਅੰਬੇਡਕਰ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸਾਰਿਆਂ ਨੂੰ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ। -ਪੀਟੀਆਈ