For the best experience, open
https://m.punjabitribuneonline.com
on your mobile browser.
Advertisement

ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ

08:32 AM Nov 28, 2023 IST
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
ਕਿਸਾਨ ਆਗੂ ਰਾਕੇਸ਼ ਟਿਕੈਤ, ਰੁਲਦੂ ਸਿੰਘ, ਹਰਿੰਦਰ ਿਸੰਘ ਲੱਖੋਵਾਲ ਤੇ ਹੋਰ ਕਿਸਾਨ ਆਗੂ ਚੰਡੀਗੜ੍ਹ ਸਰਹੱਦ ’ਤੇ ਪੰਚਕੂਲਾ ਵਾਲੇ ਪਾਸੇ ਇਕਜੁੱਟਤਾ ਦਿਖਾਉਂਦੇ ਹੋਏ।
Advertisement

* ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਕਿਸਾਨਾਂ ਨੇ ਮਨਾਇਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ

* ਕਿਸਾਨਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਦੀ ਚੁੱਪੀ ਦਾ ਗੰਭੀਰ ਨੋਟਿਸ ਲਿਆ

* ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਕਰਾਰ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 27 ਨਵੰਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਦਿੱਤੇ ਜਾ ਰਹੇ ਧਰਨੇ ਦੇ ਦੂਜੇ ਦਿਨ ਸੋਮਵਾਰ ਨੂੰ ਕਿਸਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਿੱਖਿਆ ਬੋਰਡ ਕੇਂਦਰੀ ਟਰੇਡ ਯੂਨੀਅਨਾਂ\/ਫੈਡਰੇਸ਼ਨਾਂ ਦੇ ਨੁਮਾਇੰਦਿਆਂ ਨੇ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਉਧਰ, ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਰਾਹੀਂ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੂੰ ਭਲਕੇ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਸੱਦਾ ਭੇਜਿਆ ਗਿਆ ਹੈ। ਮੋਰਚੇ ਨੇ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਹਾਲੇ ਤੱਕ ਕੋਈ ਹੁੰਗਾਰਾ ਨਾ ਭਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦੀ ਚੁੱਪੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ ਰਾਜਪਾਲ ਨੂੰ ਮਿਲਣ ਮਗਰੋਂ ਫੌਰੀ ਮੀਟਿੰਗ ਸੱਦ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਰਹੀ। ਜਗਤਪੁਰਾ ਬਾਈਪਾਸ ’ਤੇ ਖੜ੍ਹੀਆਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦਿੱਲੀ ਮੋਰਚੇ ਦੀ ਯਾਦ ਤਾਜ਼ਾ ਕਰਵਾ ਰਹੀਆਂ ਹਨ। ਕਿਸਾਨਾਂ ਨੇ ਅੱਜ ਸਵੇਰੇ ਧਰਨੇ ਵਾਲੀ ਥਾਂ ’ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਇਆ। ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Advertisement

ਮੁਹਾਲੀ ’ਚ ਅੰਦੋਲਨ ਦੌਰਾਨ ਧਰਨਾ ਦਿੰਦੇ ਹੋਏ ਕਿਸਾਨ।

ਧਰਨੇ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ, ਸਤਨਾਮ ਸਿੰਘ ਬਹਿਰੂ, ਬਲਵਿੰਦਰ ਸਿੰਘ ਮੱਲੀਨੰਗਲ, ਜੰਗਵੀਰ ਸਿੰਘ ਚੌਹਾਨ, ਬਿੰਦਰ ਸਿੰਘ ਗੋਲੇਵਾਲਾ, ਸੁੱਖ ਗਿੱਲ ਮੋਗਾ, ਨਛੱਤਰ ਸਿੰਘ ਜੈਤੋ, ਸਤਨਾਮ ਸਿੰਘ ਅਜਨਾਲਾ, ਡਾਕਟਰ ਦਰਸ਼ਨਪਾਲ, ਰੁਲਦੂ ਸਿੰਘ ਮਾਨਸਾ, ਮੇਜਰ ਸਿੰਘ ਪੁੰਨਾਵਾਲ, ਹਰਬੰਸ ਸਿੰਘ ਸੰਘਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਸ਼ਾਦੀਪੁਰ, ਹਰਜੀਤ ਰਵੀ, ਬਲਵਿੰਦਰ ਸਿੰਘ ਰਾਜੂ ਔਲਖ, ਅਮੋਲਕ ਸਿੰਘ ਤਰਨ ਤਾਰਨ, ਕਿਰਪਾ ਸਿੰਘ ਨੱਥੂਵਾਲਾ, ਜਗਮਨਦੀਪ ਸਿੰਘ ਪੜੀ, ਕਿਰਨਜੀਤ ਸਿੰਘ ਸੇਖੋਂ, ਵੀਰਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਵਜੀਦਪੁਰ ਅਤੇ ਦਵਿੰਦਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਕਿਸਾਨਾਂ ਨੇ ਇਕਸੁਰ ਵਿੱਚ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਅੰਨਦਾਤਾ ਦੀ ਮਜਬੂਰੀ ਹੈ। ਇਸ ਤੋਂ ਬਿਨਾਂ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ। ਰਾਜਪਾਲ ਤੋਂ ਗੱਲਬਾਤ ਦਾ ਸੱਦਾ ਮਿਲਣ ਮਗਰੋਂ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਲਹਿਰ ਵਿਰੁੱਧ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿੱਤੇ ਜਾ ਰਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਮੁੱਖ ਮੰਤਰੀ ਦੇ ਅਜਿਹੇ ਬਿਆਨਾਂ ਦਾ ਸਿਆਸੀ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਬੁਲਾਰਿਆਂ ਨੇ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਸੀ-2+50 ਫ਼ੀਸਦੀ ਫ਼ਾਰਮੂਲੇ ਨਾਲ ਫ਼ਸਲਾਂ ਦੇ ਭਾਅ ਤੈਅ ਕਰਨ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨ ਸਮੇਤ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਕਰ ਕੇ ਜੇਲ੍ਹ ’ਚ ਡੱਕਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਸਾਰੇ ਕੇਸ ਰੱਦ ਕਰਨ, ਬਿਜਲੀ ਸੋਧ ਬਿੱਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨ ਤੋਂ ਰੋਕਣ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ, ਨਿਊਜ਼ਕਲਿੱਕ ਖ਼ਿਲਾਫ਼ ਦਰਜ ਕੇਸ ਰੱਦ ਕਰਨ, ਕਿਸਾਨੀ ਘੋਲ ਨੂੰ ਦੇਸ਼ ਵਿਰੋਧੀ ਆਖਣਾ ਬੰਦ ਕਰਨ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰਨ, ਪਬਲਿਕ ਸੈਕਟਰ ਦੀ ਬਹਾਲੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ।

ਧਰਨੇ ਵਾਲੀ ਥਾਂ ’ਤੇ ਕਿਸਾਨ ਲੰਗਰ ਤਿਆਰ ਕਰਦੇ ਹੋਏ।

ਪੰਜਾਬ ਵਿੱਚ ਹੜ੍ਹਾਂ ਅਤੇ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ, ਝੋਨੇ ਤੋਂ ਖਹਿੜਾ ਛੁਡਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਕਰਨ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ, ਗੰਨੇ ਦੀ ਬਕਾਇਆ ਰਾਸ਼ੀ ਵਿਆਜ ਸਣੇ ਜਾਰੀ ਕਰਨ, ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰ ਕੇ ਮਾਲਕੀ ਦੇ ਹੱਕ ਦਿੱਤੇ ਜਾਣ, ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕਰਨ, ਪਰਾਲੀ ਸਾੜਨ ’ਤੇ ਰੈੱਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀ ਵੀ ਮੰਗ ਕੀਤੀ ਗਈ ਹੈ।

ਮੁਹਾਲੀ ਵਿੱਚ ਜਾਰੀ ਰੋਸ ਪ੍ਰਦਰਸ਼ਨ ਲਈ ਇਕੱਠੇ ਹੋਏ ਕਿਸਾਨ। -ਫੋਟੋਆਂ ਵਿੱਕੀ ਘਾਰੂ

ਇਪਟਾ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ

ਐਸ.ਏ.ਐਸ.ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਇਪਟਾ ਪੰਜਾਬ ਦੇ ਪ੍ਰਧਾਨ ਅਤੇ ਨਾਟਕਕਾਰ ਸੰਜੀਵਨ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਮੁਹਾਲੀ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਸੰਘਰਸ਼ ਸਮੇਂ ਦੀ ਲੋੜ ਹੈ। ਇਪਟਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਖੱਬੀਆਂ ਪਾਰਟੀਆਂ ਸਮੇਤ ਲਗਪਗ ਸਾਰੀਆਂ ਪਾਰਟੀਆਂ ਹੀ ਅੰਦੋਲਨਾਂ ’ਚੋਂ ਨਿਕਲੀਆਂ ਹਨ। ਕਿਸਾਨ ਅੰਦੋਲਨ ’ਚੋਂ ਉਭਰ ਰਹੀ ਕਿਸੇ ਸਿਆਸੀ ਪਾਰਟੀ ’ਤੇ ਇਤਰਾਜ਼ ਵਾਜਬਿ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਇਪਟਾ ਕਾਰਕੁਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ’ਤੇ ਅਮਲ ਕਰਦਿਆਂ ਪੂਰੀ ਤਨਦੇਹੀ ਨਾਲ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਹੈ ਅਤੇ ਭਵਿੱਖ ਵਿਚ ਵੀ ਕਰਨਗੇ।

ਲੰਬਾ ਚੱਲ ਸਕਦੈ ਅੰਦੋਲਨ: ਟਿਕੈਤ

ਪੰਚਕੂਲਾ (ਪੀ ਪੀ ਵਰਮਾ): ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਮੰਗਾਂ ਮਨਵਾਉਣ ਲਈ ਅੰਦੋਲਨ ਤਿੰਨ ਦਿਨ ਨਾਲ ਨਹੀਂ ਜਿੱਤਿਆ ਜਾ ਸਕਦਾ ਹੈ। ਚੰਡੀਗੜ੍ਹ ਸਰਹੱਦ ’ਤੇ ਪੰਚਕੂਲਾ ਵਾਲੇ ਪਾਸੇ ਪੁੱਜੇ ਟਿਕੈਤ ਨੇ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ ਇਹ ਅੰਦੋਲਨ ਲੰਬਾ ਚੱਲ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ’ਚ ਕਿਸਾਨ ਅੰਦੋਲਨ ਅੱਗੇ ਝੁਕਦਿਆਂ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਏ ਸਨ ਪਰ ਐੱਮਐੱਸਪੀ ’ਤੇ ਸਰਕਾਰ ਨੇ ਚੁੱਪੀ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ’ਤੇ ਐੱਮਐੱਸਪੀ ਲਈ ਵੱਡਾ ਅੰਦੋਲਨ ਹੋਣਾ ਚਾਹੀਦਾ ਹੈ ਜਿਹੜਾ ਹਰ ਸੂਬੇ ਦੀ ਰਾਜਧਾਨੀ ਵਿੱਚ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੋਰ ਵੀ ਜਥੇਬੰਦੀਆਂ ਤਿਆਰ ਕਰ ਰਹੀ ਹੈ ਜਿਨ੍ਹਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੂੰ ਲੜਾਈ ਲੜਨੀ ਪਵੇਗੀ।

Advertisement
Author Image

joginder kumar

View all posts

Advertisement
Advertisement
×