ਰਾਜਾ ਵੜਿੰਗ ਦੇ ਭੁੱਕੀ ਬਾਰੇ ਬਿਆਨ ਦਾ ਵਿਰੋਧ
ਪੱਤਰ ਪ੍ਰੇਰਕ
ਚੰਡੀਗੜ੍ਹ, 20 ਮਈ
ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭੁੱਕੀ ਦੀ ਖੁੱਲ੍ਹ ਦੇਣ ਦੇ ਬਿਆਨ ਉੱਤੇ ‘ਆਪ’ ਦੇ ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨੇ ਵਿਰੋਧ ਕੀਤਾ ਹੈ। ‘ਆਪ’ ਦੇ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਮੰਦਰ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜੁਆਇੰਟ ਸਕੱਤਰ ਹਰਮੀਤ ਸਿੰਘ ਛਿੱਬਰ (ਸਾਬਕਾ ਈਟੀਓ), ਬਚਿੱਤਰ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਪਾਲ ਸਿੰਘ ਖਾਲਸਾ ਨੇ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਦੇ ਹਵਾਲੇ ਨਾਲ ਕਿਹਾ ਕਿ ਸ੍ਰੀ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਪੱਸ਼ਟ ਕਰਨ ਕਿ ਉਹ ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਹਨ ਜਾਂ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸ੍ਰੀ ਵੜਿੰਗ ਨੇ ਬੀਤੇ ਦਿਨੀਂ ਜਗਰਾਉਂ ਹਲਕੇ ਦੇ ਪਿੰਡਾਂ ਵਿੱਚ ਦੌਰੇ ਦੌਰਾਨ ਆਖਿਆ ਸੀ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਸਪਲਾਈ ਖ਼ਤਮ ਕਰਨੀ ਅਸੰਭਵ ਹੈ ਤੇ ਸਰਕਾਰ ਨੂੰ ਭੁੱਕੀ ਵਰਗੇ ਨਸ਼ਿਆਂ ਦੀ ਖੁੱਲ੍ਹ ਦੇਣੀ ਹੀ ਪੈਣੀ ਹੈ। ਇਸ ਤੋਂ ਪਹਿਲਾਂ ਸ੍ਰੀ ਬਾਜਵਾ ਵੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਗ਼ਲਤ ਬਿਆਨ ਦੇ ਕਰ ਚੁੱਕੇ ਹਨ।
ਮੁਲਾਜ਼ਮ ਆਗੂਆਂ ਨੇ ਰਾਜਾ ਵੜਿੰਗ ਨੂੰ ਨਸੀਹਤ ਦਿੱਤੀ ਕਿ ਉਹ ਹੁਣ ਭੁੱਕੀ ਵਰਗੇ ਨਸ਼ਿਆਂ ਦੀ ਖੁੱਲ੍ਹ ਦੇਣ ਦੇ ਬਿਆਨ ਦੇਣ ਦੀ ਬਜਾਇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਛੇੜੇ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਵਿੱਚ ਸਹਿਯੋਗ ਦੇਣ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਬਾਜਵਾ ਨੂੰ ਵੀ ਕਿਹਾ ਕਿ ਉਨ੍ਹਾਂ ਨੂੰ ਵੀ ਨਸ਼ਿਆਂ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।