ਰਿਸ਼ਵਤ ਲੈਂਦਾ ਮੋਟਰ ਵਹੀਕਲ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫaਤਾਰ
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 16 ਮਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਥੇ ਜ਼ਿਲ੍ਹਾ ਟਰਾਂਸਪੋਰਟ ਅਥਾਰਿਟੀ ਦੇ ਦਫਤਰ ਵਿੱਚ ਕੰਮ ਕਰਦੇ ਮੋਟਰ ਵਹੀਕਲ ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਕਥਿਤ ਤੌਰ ’ਤੇ ਇੱਕ ਵਿਅਕਤੀ ਤੋਂ 3600 ਰੁਪਏ ਰਿਸ਼ਵਤ ਵਜੋਂ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਤੋਂ ਪਹਿਲਾਂ ਇਸ ਦਫ਼ਤਰ ਦੇ ਚਾਰ ਉੱਚ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਿਨ੍ਹਾਂ ਉੱਪਰ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ ਕਰਨ, ਰਿਕਾਰਡ ਖੁਰਦ-ਬੁਰਦ ਕਰਨ ਅਤੇ ਭ੍ਰਿਸ਼ਟਾਚਾਰ ਕਰਨਾ ਸ਼ਾਮਲ ਹੈ। ਸੂਚਨਾ ਅਨੁਸਾਰ ਜਤਿੰਦਰ ਕੁਮਾਰ ਨਾਮ ਦੇ ਵਿਅਕਤੀ ਨੇ ਆਪਣੇ ਟਰੱਕ ਦੀ ਮੋਟਰ ਵਹੀਕਲ ਇੰਸਪੈਕਟਰ ਤੋਂ ਪਾਸਿੰਗ ਕਰਾਉਣੀ ਸੀ, ਜੋ ਪਿਛਲੇ ਲੰਬੇ ਸਮੇਂ ਤੋਂ ਨਹੀਂ ਹੋ ਰਹੀ ਸੀ ਅਤੇ ਇਸ ਬਦਲੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਅੱਜ ਜਦੋਂ ਜਤਿੰਦਰ ਕੁਮਾਰ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ 3600 ਨਗਦ ਦਿੱਤੇ ਤਾਂ ਵਿਜੀਲੈਂਸ ਨੇ ਉਸ ਨੂੰ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ। ਇਸ ਦਫਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਮੁੱਦਾ ਕੁਝ ਹਫਤੇ ਪਹਿਲਾਂ ਵਿਧਾਨ ਸਭਾ ਵਿੱਚ ਵੀ ਗੂੰਜਿਆ ਸੀ ਪਰੰਤੂ ਇਸ ਦੇ ਬਾਵਜੂਦ ਜ਼ਿਲ੍ਹਾ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਵਿੱਚ ਕੰਮ ਸਹੀ ਨਹੀਂ ਚੱਲ ਰਿਹਾ ਸੀ ਅਤੇ ਲੋਕਾਂ ਦੀ ਖੱਜਲ ਖ਼ੁਆਰੀ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਸਨ। ਵਿਜੀਲੈਂਸ ਵਿਭਾਗ ਨੇ ਮੋਟਰ ਵਹੀਕਲ ਇੰਸਪੈਕਟਰ ਗੁਰਪ੍ਰੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੱਲ੍ਹ ਉਸ ਨੂੰ ਇੱਥੋਂ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਵਿਜੀਲੈਂਸ ਵਿਭਾਗ ਗੁਰਪ੍ਰੀਤ ਸਿੰਘ ਵੱਲੋਂ ਪਹਿਲਾਂ ਕੀਤੇ ਕੰਮਾਂ ਦੀ ਪੜਤਾਲ ਕਰ ਰਿਹਾ ਹੈ। ਸ਼ਿਕਾਇਤ ਅਨੁਸਾਰ ਮੋਟਰ ਵਹੀਕਲ ਇੰਸਪੈਕਟਰ ਇੱਕ ਵਾਹਨ ਨੂੰ ਪਾਸ ਕਰਨ ਬਦਲੇ ਪ੍ਰਾਰਥੀ ਤੋਂ 1800 ਰੁਪਏ ਰਿਸ਼ਵਤ ਦੀ ਮੰਗ ਕਰਦਾ ਸੀ।