ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਦਸੰਬਰ ਤੱਕ ਮੁਕੰਮਲ ਕਰਨ ਦੇ ਹੁਕਮ
ਗੁਰਬਖਸ਼ਪੁਰੀ
ਤਰਨ ਤਾਰਨ, 29 ਅਪਰੈਲ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਇੱਥੋਂ ਦੇ ਕੱਕਾ ਕੰਡਿਆਲਾ ਦੇ ਏ-25 ਰੇਲਵੇ ਲਾਈਨ ’ਤੇ ਬਣ ਰਹੇ ਚਾਰਮਾਰਗੀ ਰੇਲਵੇ ਓਵਰਬ੍ਰਿਜ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ| ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਤੰਬਰ 2024 ਨੂੰ ਇਸ ਦਾ ਨੀਂਹ ਪੱਥਰ ਰੱਖਣ ਮੌਕੇ ਓਵਰਬ੍ਰਿਜ ਨੂੰ 82.88 ਕਰੋੜ ਰੁਪਏ ਦੀ ਲਾਗਤ ਨਾਲ ਜੂਨ 2026 ਤੱਕ ਤਿਆਰ ਕੀਤਾ ਜਾਣਾ ਸੀ ਪਰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਦਾ ਕੰਮ ਛੇ ਮਹੀਨੇ ਪਹਿਲਾਂ ਦਸੰਬਰ 2025 ਤੱਕ 70 ਕਰੋੜ ਰੁਪਏ ਨਾਲ ਮੁਕੰਮਲ ਕਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ| ਇਸ ਨਾਲ ਸਰਕਾਰ ਨੂੰ 13 ਕਰੋੜ ਰੁਪਏ ਦੀ ਬਚਤ ਹੋਵੇਗੀ| ਉਨ੍ਹਾਂ ਕਿਹਾ ਕਿ ਇਸ ਓਵਰਬ੍ਰਿਜ ਦੇ ਬਣਨ ਨਾਲ ਸ਼ਹਿਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਲਾਂ ਤੋਂ ਵੀ ਰਾਹਤ ਮਿਲੇਗੀ| ਇਸ ਮੌਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ , ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਅਧਿਕਾਰੀ ਹਾਜ਼ਰ ਸਨ|
ਸੁਲਤਾਨਵਿੰਡ ਦੇ ਪੁਲ ਦਾ ਜਾਇਜ਼ਾ
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਸਥਾਨਕ ਤਾਰਾਂ ਵਾਲੇ ਪੁਲ ਤੋਂ ਤਰਨ ਤਾਰਨ ਸਾਹਿਬ ਨੂੰ ਜਾਂਦੇ ਰਸਤੇ ਉਪਰ ਪੈਂਦੇ ਸੁਲਤਾਨਵਿੰਡ ਪਿੰਡ ਦੇ ਮੁੱਖ ਰਾਹ ’ਤੇ ਲੱਗਦੇ ਲੰਮੇ ਜਾਮ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਕਰੀਬ ਸੱਤ ਮਹੀਨੇ ਪਹਿਲਾਂ ਪੁਲ ਬਣਾਉਣਾ ਸ਼ੁਰੂ ਕੀਤਾ ਗਿਆ ਸੀ, ਜਿਸਦੇ ਮੁਕੰਮਲ ਹੋਣ ਦੀ ਨਿਰਧਾਰਤ ਮਿਤੀ ਜੂਨ 2026 ਹੈ, ਜੋ ਤਕਰੀਬਨ 6 ਮਹੀਨੇ ਪਹਿਲਾਂ ਇਸ ਸਾਲ ਦਸੰਬਰ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੁੱਲ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੀਤਾ। ਉਨ੍ਹਾਂ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰ ਨਿੱਜਰ ਦੀ ਸਿਫਾਰਸ਼ ’ਤੇ ਇਸ ਪੁਲ ਲਈ ਪੰਜਾਬ ਸਰਕਾਰ ਵੱਲੋਂ 34.20 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ, ਪਰ ਉਹ ਇਸ ਪੁਲ ਨੂੰ ਤਕਰੀਬਨ 22.68 ਕਰੋੜ ਰੁਪਏ ਵਿੱਚ ਪੂਰਾ ਕਰ ਲੈਣਗੇ, ਜਿਸ ਨਾਲ ਸਰਕਾਰ ਦੇ 11.52 ਕਰੋੜ ਰੁਪਏ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪੁਲ ਦੇ ਬਣ ਜਾਣ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤਰਨ ਤਰਨ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ, ਗੁਰਦੁਆਰਾ ਟਾਹਲਾ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਦੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਰਸਤਾ ਆਸਾਨ ਹੋਵੇਗਾ। ਉਨ੍ਹਾਂ ਹੁਣ ਤੱਕ ਹੋਏ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕੰਪਨੀ ਨੂੰ ਕੰਮ ਦਸੰਬਰ ਤੱਕ ਪੂਰਾ ਕਰਨ ਦੀ ਹਦਾਇਤ ਵੀ ਕੀਤੀ।Advertisement