ਲਾਪਤਾ ਲੜਕੀ ਦੀ ਭਾਲ ਲਈ ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਧਰਨਾ
ਬੁਢਲਾਡਾ (ਮਾਨਸਾ), 18 ਜੂਨ
ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੋਕੇ ਕਲਾਂ ਦੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਲਾਪਤਾ ਹੋਣ ਤੋਂ ਬਾਅਦ ਬੁਢਲਾਡਾ ਪੁਲੀਸ ਵੱਲੋਂ ਪਰਿਵਾਰ ਨੂੰ ਇਨਸਾਫ਼ ਨਾ ਦੇਣ ਦੇ ਵਿਰੋਧ ਵਿੱਚ ਅੱਜ ਪਿੰਡ ਦੇ ਲੋਕਾਂ ਵੱਲੋਂ ਥਾਣਾ ਸਦਰ ਬੁਢਲਾਡਾ ਦਾ ਘਿਰਾਓ ਕਰ ਕੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪੁਲੀਸ ਨੇ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰ ਲਿਆ ਹੈ, ਪਰ ਅਜੇ ਤੱਕ ਕਸੂਰਵਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ, ਜਦੋਂ ਕਿ ਉਸ ਦੀ ਗ੍ਰਿਫ਼ਤਾਰੀ ਲਈ ਵਾਰ-ਵਾਰ ਲਾਰਾ-ਲੱਪਾ ਲਾਇਆ ਜਾ ਰਿਹਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਗੁਰਜੀਤ ਕੌਰ ਨੇ ਕਿਹਾ ਕਿ ਪਿੰਡ ਬੀਰੋਕੇ ਕਲਾਂ ਦੀ ਇਕ ਲੜਕੀ, ਜੋ ਕਿ ਮੁਹਾਲੀ ਵਿੱਚ ਪ੍ਰਾਈਵੇਟ ਨੌਕਰੀ ਕਰ ਰਹੀ ਸੀ ਅਤੇ ਹੁਣ ਲਗਭਗ ਪਿਛਲੇ ਸਵਾ ਮਹੀਨੇ ਤੋਂ ਲੜਕੀ ਲਾਪਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਥਾਣੇ ਦੇ ਵਾਰ-ਵਾਰ ਚੱਕਰ ਲਗਾਉਣ ਦੇ ਬਾਵਜੂਦ ਪੁਲੀਸ ਵੱਲੋਂ ਬਲਵਿੰਦਰ ਸਿੰਘ ਵਾਸੀ ਫਤਿਹਗੜ੍ਹ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਪਰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਰੋਸ ਵਜੋਂ ਅੱਜ ਥਾਣਾ ਸਦਰ ਬੁਢਲਾਡਾ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਜਲਦ ਤੋਂ ਜਲਦ ਲਾਪਤਾ ਹੋਈ ਲੜਕੀ ਨੂੰ ਬਰਾਮਦ ਕੀਤਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰਾਂ ਨੂੰ ਇਨਸਾਫ ਮਿਲ ਸਕੇ।
ਸਦਰ ਥਾਣਾ ਬੁਢਲਾਡਾ ਦੇ ਐੱਸਐੱਚਓ ਜਗਦੇਵ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕਰਕੇ ਬਲਵਿੰਦਰ ਸਿੰਘ ਵਾਸੀ ਫਤਿਹਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ ’ਤੇ ਭਾਲ ਜਾਰੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।