ਲਾਭਪਾਤਰੀ ਵਿਦਿਆਰਥੀਆਂ ਦੇ ਵਜ਼ੀਫੇ ਜਾਰੀ ਕਰਨ ਦੀ ਅਪੀਲ
ਪਰਮਜੀਤ ਸਿੰਘ
ਫਾਜ਼ਿਲਕਾ, 9 ਜਨਵਰੀ
ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਇਕਾਈ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਲਾਭਪਾਤਰੀ ਕਿਰਤੀਆਂ ਦੇ ਬੱਚਿਆਂ ਦੇ ਵਜ਼ੀਫੇ ਜਾਰੀ ਕਰਵਾਉਣ ਲਈ ਇੱਕ ਵਫ਼ਦ ਸਥਾਨਕ ਲੇਬਰ ਇੰਸਪੈਕਟਰ ਰਾਜਬੀਰ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ। ਸਭਾ ਦੇ ਸਾਬਕਾ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ ਅਤੇ ਜ਼ਿਲ੍ਹਾ ਪ੍ਰਧਾਨ ਸੁਬੇਗ ਝੰਗੜਭੈਣੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਲਾਭਪਾਤਰੀ ਉਸਾਰੀ ਕਿਰਤੀਆਂ ਦੇ ਬੱਚਿਆਂ ਦੇ ਵਜ਼ੀਫੇ ਕਾਫੀ ਲੰਬੇ ਸਮੇਂ ਤੋਂ ਲਟਕੇ ਪਏ ਹਨ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਵੱਲੋਂ ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਉਸਾਰੀ ਕਿਰਤੀ ਲਾਭਪਾਤਰੀਆਂ ਦੇ ਬੱਚਿਆਂ ਵੱਲੋਂ ਭਰੇ ਗਏ ਵਜ਼ੀਫ਼ਾ ਫਾਰਮਾ ’ਤੇ ਬੇਲੋੜੇ ਇਤਰਾਜ਼ ਲਾਏ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਬੇਲੋੜੇ ਇਤਰਾਜ਼ ਹਟਾ ਕੇ ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ੇ ਜਾਰੀ ਕੀਤੇ ਜਾਣ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਇੱਕ ਮਹੀਨੇ ਦੇ ਅੰਦਰ-ਅੰਦਰ ਲਾਭਪਾਤਰੀਆਂ ਦੇ ਜਾਇਜ਼ ਮਸਲੇ ਹੱਲ ਨਾ ਕੀਤੇ ਗਏ ਤਾਂ ਜਥੇਬੰਦੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਮੰਗ ਪੱਤਰ ਦੇਣ ਮੌਕੇ ਸ਼ਗਨ ਸੰਤੋਖਾ, ਸੁਰਿੰਦਰ ਬਾਹਮਣੀ ਵਾਲਾ, ਅਸ਼ੋਕ ਢਾਬਾਂ ਅਤੇ ਅਕਾਸ਼ ਬਾਹਮਣੀ ਵਾਲਾ ਵੀ ਹਾਜ਼ਰ ਸਨ।