ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਪੁਲੀਸ ਮੁੱਠਭੇੜ ’ਚ ਜ਼ਖ਼ਮੀ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 18 ਮਈ
ਇੱਥੇ ਮਲੋਟ-ਅਬੋਹਰ ਬਾਈਪਾਸ ਨੇੜੇ ਸੀਆਈਏ ਸਟਾਫ਼ ਮਲੋਟ ਪੁਲੀਸ ਨਾਲ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਦੀ ਹੋਈ ਮੁੱਠਭੇੜ ਦੌਰਾਨ ਮੁਲਜ਼ਮ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ ਜਿਸ ਕੋਲੋਂ ਦੋ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਡੀਐੱਸਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀਆਈਏ ਸਟਾਫ਼ ਮਲੋਟ ਪੁਲੀਸ ਵੱਲੋਂ ਨਿਯਮਿਤ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਪੁਲੀਸ ਨੂੰ ਦੇਖਕੇ ਮੋਟਰਸਾਈਕਲ ਭਜਾ ਲਿਆ। ਜਦੋਂ ਪੁਲੀਸ ਨੇ ਉਸ ਦਾ ਪਿੱਛਾ ਕੀਤਾ ਤਾਂ ਉਸ ਵੱਲੋਂ ਪੁਲੀਸ ’ਤੇ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਪੁਲੀਸ ਨੇ ਮੁਲਜ਼ਮ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਮੁਲਜ਼ਮ ਕੋਲੋਂ 32 ਬੋਰ ਦਾ ਪਿਸਤੌਲ, 30 ਬੋਰ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ।
ਹਰਿਆਣਾ ਵਿੱਚ ਡਾਕਾ ਮਾਰਨ ਦੇ ਦੋਸ਼ ਹੇਠ ਦੋ ਕੇਸ ਦਰਜ
ਲਾਰੈਂਸ ਬਿਸ਼ਨੋਈ ਦੇ ਮੈਂਬਰ ਵਜੋਂ ਕੰਮ ਕਰਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸੀਤੋ ਬੱਲੋ ਵਾਸੀ ਅਭਿਸ਼ੇਕ ਨੇ ਪੁਲੀਸ ਨੂੰ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਹਥਿਆਰ ਸਪਲਾਈ ਕਰਨ ਦਾ ਕੰਮ ਕਰਦਾ ਸੀ। ਉਸ ਖ਼ਿਲਾਫ਼ ਹਰਿਆਣਾ ਵਿੱਚ ਡਾਕੇ ਮਾਰਨ ਦੇ ਦੋਸ਼ ਹੇਠ 2 ਕੇਸ ਦਰਜ ਹਨ।