ਲਾਲੜੂ ਪੁਲੀਸ ਵੱਲੋਂ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
ਸਰਬਜੀਤ ਸਿੰਘ ਭੱਟੀ
ਲਾਲੜੂ , 8 ਦਸੰਬਰ
ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਸੂਬਾ ਪੱਧਰੀ ਮੁਹਿੰਮ ਵਿੱਚ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਲਾਲੜੂ ਪੁਲੀਸ ਥਾਣਾ ਜ਼ਿਲ੍ਹਾ ਮੁਹਾਲੀ ਨੂੰ ਇੱਕ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਐੱਸਐੱਸਪੀ ਮੁਹਾਲੀ ਦੀਪਕ ਪਾਰੀਕ ਨੇ ਦੱਸਿਆ ਕਿ ਹਰਿਆਣਾ ਦੇ ਤਿੰਨ ਮੁਲਜ਼ਮਾਂ ਨੂੰ ਹਥਿਆਰ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸੰਦੀਪ ਕੱਕੜ ਵਾਸੀ ਗੋਹਾਨਾ, ਮੋਹਿਤ ਵਾਸੀ ਸਰਥਲ, ਗੋਹਾਨਾ, ਸੋਨੀਪਤ ਅਤੇ
ਗੌਰਵ ਵਾਸੀ ਬੜੌਦਾ, ਸੋਨੀਪਤ ਵਜੋਂ ਹੋਈ ਹੈ, ਜਿਨ੍ਹਾਂ ਤੋਂ ਇੱਕ 315 ਕੈਲੀਬਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ ਅਤੇ ਇੱਕ ਸਕਾਰਪੀਓ ਕਾਰ ਨੰਬਰ ਐਚਆਰ 11 ਐਫ 6397, ਨੂੰ ਵੀ ਜ਼ਬਤ ਕੀਤਾ ਗਿਆ ਹੈ। ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਅਪਰਾਧੀਆਂ ਦੀ ਹਰਕਤ ਬਾਰੇ ਸੂਚਨਾ ਮਿਲੀ ਸੀ। ਐੱਸ.ਆਈ ਸੁਰਜੀਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ, ਜ਼ਿਲ੍ਹਾ ਮੁਹਾਲੀ ਅਤੇ ਚੌਕੀ ਇੰਚਾਰਜ ਨਾਹਰ ਲੈਹਲੀ ਅਜੈ ਕੁਮਾਰ ਕੁਮਾਰ ਦੀ ਅਗਵਾਈ ਵਿੱਚ ਬਣਾਈਆਂ ਗਈਆਂ ਟੀਮਾਂ ਨੇ ਬੀਤੇ ਦਿਨ ਟੌਲ ਪਲਾਜ਼ਾ, ਦੱਪਰ, ਲਾਲੜੂ ਨੇੜਿਓਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਤੇ ਹਰਿਆਣਾ ਵਿੱਚ ਮੁਲਜ਼ਮ ਗੌਰਵ ਖ਼ਿਲਾਫ਼ ਕਤਲ ਕੇਸ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਖ਼ਿਲਾਫ਼ ਲਾਲੜੂ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।