ਡੀਐੱਸਪੀ ਦਫ਼ਤਰ ਅੱਗੇ ਲਾਸ਼ ਰੱਖ ਕੇ ਦਿੱਤਾ ਧਰਨਾ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 14 ਮਈ
ਬੀਤੇ ਦਿਨੀਂ ਜ਼ਮੀਨੀ ਵਿਵਾਦ ਸਬੰਧੀ ਪਿੰਡ ਗੁਰੂਸਰ ਜਗ੍ਹਾ ਦੇ ਕਿਸਾਨ ਆਗੂ ਦਵਿੰਦਰ ਸਿੰਘ ਸਰਾ ਦਾ ਉਸ ਦੇ ਪੁੱਤਰ ਮਨਿੰਦਰ ਸਿੰਘ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕਤਲ ਕਰਨ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫਤਾਰ ਨਾਲ ਕਰਨ ਦੇ ਰੋਸ ਵਜੋਂ ਮ੍ਰਿਤਕ ਦੇ ਵਾਰਸਾਂ ਤੇ ਰਿਸ਼ਤੇਦਾਰਾਂ ਨੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਡੀਐੱਸਪੀ ਦਫ਼ਤਰ ਤਲਵੰਡੀ ਸਾਬੋ ਅੱਗੇ ਦਵਿੰਦਰ ਸਿੰਘ ਸਿੰਘ ਦੀ ਲਾਸ਼ ਰੱਖ ਕੇ ਧਰਨਾ ਦਿੱਤਾ ਤੇ ਪੁਲੀਸ ਲਾਫ਼ ਨਾਅਰੇਬਾਜ਼ੀ ਕੀਤੀ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪੁੱਤਰ ਮਨਿੰਦਰ ਸਿੰਘ ਵਾਸੀ ਗੁਰੂਸਰ, ਤਰਲੋਕ ਸਿੰਘ ਅਤੇ ਹੈਮਲੀ ਸਿੰਘ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ਲਿਆ ਸੀ, ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇ ਵਾਰਸਾਂ ਤੇ ਰਿਸ਼ਤੇਦਾਰਾਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਇਸਦੇ ਸਬੰਧ ਵਿੱਚ ਬਣੀ ਅੱਠ ਮੈਂਬਰੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਡੀਐੱਸਪੀ ਦਫਤਰ ਦੇ ਮੁੱਖ ਗੇਟ ਅੱਗੇ ਸੜਕ ਉਪਰ ਕਿਸਾਨ ਆਗੂ ਦਵਿੰਦਰ ਸਿੰਘ ਦੀ ਲਾਸ਼ ਰੱਖ ਕੇ ਧਰਨਾ ਦਿੱਤਾ ਤੇ ਪੁਲੀਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਦ ਤੱਕ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ ਤੇ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਦੂਜੇ ਪਾਸੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਜਸਮੀਤ ਸਿੰਘ ਸਾਹੀਵਾਲ ਐੱਸਪੀ (ਡੀ) ਬਠਿੰਡਾ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਪੁਲੀਸ ਅਧਿਕਾਰੀਆਂ ਨੇ ਸੰਘਰਸ਼ ਕਮੇਟੀ ਤੇ ਵਾਰਸਾਂ ਨਾਲ ਗੱਲਬਾਤ ਕਰਕੇ 16 ਮਈ ਤੱਕ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦਿਵਾਇਆ ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।