ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਸੋਨੇ ਦੀਆਂ ਮੁੰਦਰੀਆਂ ਤੇ ਨਕਦੀ ਖੋਹੀ
ਪੱਤਰ ਪ੍ਰੇਰਕ
ਸ਼ਾਹਕੋਟ,3 ਜੂਨ
ਕਸਬਾ ਲੋਹੀਆਂ ਖਾਸ ਵਿੱਚ ਪੈਦਲ ਜਾ ਰਹੇ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਲੁਟੇਰੇ ਪਿਸਤੌਲ ਦਿਖਾ ਕੇ ਲੁੱਟ ਲੈ ਗਏ। ਪੀੜਤ ਵਰਿੰਦਰ ਕੁਮਾਰ ਵਾਸੀ ਲੋਹੀਆਂ ਖਾਸ ਨੇ ਦੱਸਿਆ ਕਿ ਉਹ ਕੁਝ ਘਰੇਲੂ ਸਾਮਾਨ ਖਰੀਦਣ ਲਈ ਪੈਦਲ ਬਾਜ਼ਾਰ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕਿਆ। ਇਸ ਤੋਂ ਬਾਅਦ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਦੀਆਂ 2 ਸੋਨੇ ਦੀਆਂ ਮੁੰਦਰੀਆਂ ਅਤੇ 6,000 ਰੁਪਏ ਲੈ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਐੱਸਐੱਚਓ ਲੋਹੀਆਂ ਖਾਸ ਲਾਭ ਸਿੰਘ ਨੇ ਕਿਹਾ ਕਿ ਉਹ ਸੀ.ਸੀ.ਟੀ.ਵੀ ਕੈਮਰਿਆਂ ਅਤੇ ਹੋਰ ਆਧਨਿਕ ਸਾਧਨਾਂ ਨਾਲ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ।
ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਜਵਾ ਕਲਾਂ ਦੇ 13 ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਕਿਸਾਨਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਹ ਮੋਟਰਾਂ ’ਤੇ ਗੇੜਾ ਮਾਰਨ ਗਏ। ਪ੍ਰਾਪਤ ਹੋਈ ਸੂਚਨਾ ਮੁਤਾਬਿਕ ਸੁਖਦੇਵ ਸਿੰਘ, ਜਸਵੀਰ ਸਿੰਘ, ਅਜੈਬ ਸਿੰਘ, ਬਚਿੱਤਰ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ, ਮੰਗਜੀਤ ਸਿੰਘ, ਪਰਮਜੀਤ ਸਿੰਘ, ਗੁਰਪਿੰਦਰ ਸਿੰਘ, ਨਿਰਮਲ ਸਿੰਘ, ਜੈਲ ਸਿੰਘ ਅਤੇ ਰਜਿੰਦਰ ਸਿੰਘ ਦੀ ਮੋਟਰ ਤੋਂ ਤਾਰਾਂ ਚੋਰੀ ਹੋਈਆਂ ਹਨ। ਪੀੜਤ ਕਿਸਾਨਾਂ ਨੇ ਇਸ ਦੀ ਸੂਚਨਾ ਸ਼ਾਹਕੋਟ ਪੁਲੀਸ ਨੂੰ ਦੇ ਦਿੱਤੀ ਹੈ।