ਲੁਧਿਆਣਾ ਦੇ ਸਾਰੇ ਸਕੂਲ ਦੋ ਦਿਨਾਂ ਲਈ ਬੰਦ
ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਮਈ
ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਮਾਹੌਲ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 9 ਤੇ 10 ਮਹੀ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਡੀਈਓ ਸੈਕੰਡਰੀ ਵੱਲੋਂ ਵੀ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਆਖਿਆ ਹੈ।
ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਸੰਜਮ ਵਰਤਣ ਅਤੇ ਘਬਰਾਹਟ ਵਿੱਚ ਖਰੀਦਦਾਰੀ ਤੋਂ ਬਚਣ ਦੀ ਅਪੀਲ ਕੀਤੀ। ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਐਮਰਜੈਂਸੀ ਦਾ ਪ੍ਰਬੰਧਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲੁਧਿਆਣਾ ਦਾ ਪ੍ਰਸ਼ਾਸਨ ਮਜ਼ਬੂਤ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਅਤੇ ਜ਼ਰੂਰੀ ਸਮਾਨ ਅਤੇ ਵਸਤੂਆਂ ਦੇ ਭੰਡਾਰ ਨਾਲ ਲੈਸ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣ ਅਤੇ ਜ਼ਰੂਰੀ ਕੰਮ ਤੋਂ ਇਲਾਵਾ ਘਰੋਂ ਨਾ ਨਿਕਲਣ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਡਰ ਦਾ ਮਾਹੌਲ ਨਾ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਆਉਣਗੇ, ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਦੂਜੇ ਪਾਸੇ ਡੀਈਓ ਸੈਕੰਡਰੀ ਨੇ ਸਮੂਹ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ। ਜਿਸ ਰਾਹੀਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਹੁਕਮਾਂ ਦਾ ਹਵਾਲਾ ਦਿੰਦਿਆਂ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9 ਅਤੇ 10 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ ਦਾ ਸਟਾਫ ਸਕੂਲ ਵਿੱਚ ਹਾਜ਼ਰ ਰਹੇਗਾ। ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਇਸ ਸਬੰਧੀ ਵਿਦਿਆਰਥੀਆਂ ਨੂੰ ਤੁਰੰਤ ਸੂਚਿਤ ਕਰਨ ਦੇ ਆਦੇਸ਼ ਦਿੱਤੇ ਹਨ।