ਲੁਧਿਆਣਾ ਪੱਛਮੀ ਹਲਕੇ ਲਈ ਉਮੀਦਵਾਰ ਬਾਰੇ ਅਕਾਲੀ ਦਲ ’ਚ ਸਹਿਮਤੀ ਨਾ ਬਣੀ
ਲੁਧਿਆਣਾ, 10 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਉਮੀਦਵਾਰ ਬਾਰੇ ਫ਼ੈਸਲਾ ਕਰਨ ਲਈ ਕੀਤੀ ਮੀਟਿੰਗ ਦੌਰਾਨ ਕੋਈ ਸਹਿਮਤੀ ਨਹੀਂ ਬਣੀ, ਜਿਸ ਕਾਰਨ ਉਮੀਦਵਾਰ ਬਾਰੇ ਫ਼ੈਸਲਾ ਕਰਨ ਦੀ ਪ੍ਰਕਿਰਿਆ ਅੱਗੇ ਪੈ ਗਈ। ਸ੍ਰੀ ਬਾਦਲ ਲੋਕਲ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਇੱਥੇ ਪੁੱਜੇ ਸਨ, ਜਿਥੇ ਉਨ੍ਹਾਂ ਲੁਧਿਆਣਾ ਪੱਛਮੀ ਹਲਕੇ ਦੀ ਚੋਣ ਅਤੇ ਸੰਭਾਵੀ ਉਮੀਦਵਾਰ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਆਪੋ-ਆਪਣੇ ਵਿਚਾਰ ਖੁੱਲ੍ਹ ਕੇ ਸਾਂਝੇ ਕੀਤੇ ਅਤੇ ਕਈ ਆਗੂਆਂ ਨੇ ਚੋਣ ਲੜਨ ਦੀ ਇੱਛਾ ਵੀ ਜ਼ਾਹਿਰ ਕੀਤੀ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਪੁੱਤਰ ਡਾ. ਹਿਤੇਸ਼ ਇੰਦਰ ਸਿੰਘ ਗਰੇਵਾਲ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਜਗਬੀਰ ਸਿੰਘ ਸੋਖੀ, ਕਮਲ ਚੇਤਲੀ ਅਤੇ ਜਸਪ੍ਰੀਤ ਸਿੰਘ ਹੌਬੀ ਸ਼ਾਮਲ ਸਨ। ਮੀਟਿੰਗ ਦੌਰਾਨ ਜਥੇਦਾਰ ਹੀਰਾ ਸਿੰਘ ਗਾਬੜੀਆ, ਹਰੀਸ਼ ਢਾਂਡਾ, ਭੁਪਿੰਦਰ ਸਿੰਘ ਭਿੰਦਾ, ਰਣਜੀਤ ਸਿੰਘ ਢਿੱਲੋਂ, ਹਰਚਰਨ ਸਿੰਘ ਗੋਹਲਵੜੀਆ, ਕਮਲ ਚੇਤਲੀ, ਮਾਨ ਸਿੰਘ ਗਰਚਾ, ਹਰਜਿੰਦਰ ਸਿੰਘ ਬੌਬੀ ਗਰਚਾ, ਹਰਪ੍ਰੀਤ ਸਿੰਘ ਡੰਗ ਵੀ ਸ਼ਾਮਲ ਸਨ।
ਸਾਰੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਲਈ ਪੂਰੀ ਤਨਦੇਹੀ ਨਾਲ ਹਰ ਜ਼ਿੰਮੇਵਾਰੀ ਨਿਭਾਉਣ ਲਈ ਇਕਜੁੱਟ ਹਨ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਲੁਧਿਆਣਾ ਵਾਸੀ ਅਕਾਲੀ ਦਲ ਦੇ ਉਮੀਦਵਾਰ ਨੂੰ ਸੇਵਾ ਦਾ ਮੌਕਾ ਜ਼ਰੂਰ ਬਖਸ਼ਣਗੇ ਕਿਉਂਕਿ ਉਨ੍ਹਾਂ ਨੇ ਵੇਖ ਲਿਆ ਹੈ ਕਿ ਦਿੱਲੀਓਂ ਚੱਲਦੀਆਂ ਪਾਰਟੀਆਂ ਦੇ ਆਗੂਆਂ ਨੇ ਸਿਵਾਏ ਝੂਠ ਅਤੇ ਧੋਖੇ ਦੇ ਉਨ੍ਹਾਂ ਨੂੰ ਕੁੱਝ ਨਹੀਂ ਦਿੱਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਮਰਕੱਸੇ ਕਰਕੇ ਮੈਦਾਨ ਵਿੱਚ ਨਿੱਤਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।