ਲੁਧਿਆਣਾ ਵਿੱਚ ਖੋਲ੍ਹੇ ਜਾਣਗੇ ਦੋ ਨਵੇਂ ਮੈਡੀਕਲ ਕਾਲਜ: ਡਾ. ਬਲਬੀਰ
ਸਤਵਿੰਦਰ ਬਸਰਾ
ਲੁਧਿਆਣਾ, 16 ਮਾਰਚ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੁਧਿਆਣਾ ਵਿੱਚ ਦੋ ਹੋਰ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਤਹਿਤ ਪੁਲੀਸ ਪ੍ਰਸ਼ਾਸਨ ਨਸ਼ਿਆਂ ਦੀ ਸਪਲਾਈ ਚੇਨ ਤੋੜੇਗਾ ਜਦਕਿ ਸਿਹਤ ਵਿਭਾਗ ਨਸ਼ੇ ਦੇ ਆਦੀ ਹੋਏ ਲੋਕਾਂ ਦੀ ਸਾਂਭ-ਸੰਭਾਲ ਅਤੇ ਪੁਨਰ ਸੁਰਜੀਤੀ ਲਈ ਕੰਮ ਕਰੇਗਾ। ਉਨ੍ਹਾਂ ਲੁਧਿਆਣਾ ਵਿੱਚ ਇੱਕ 1000 ਬੈੱਡ ਵਾਲਾ ਸੂਪਰ ਸਪੈਸ਼ਲਿਸਟ ਹਸਪਤਾਲ ਖੋਲ੍ਹਣ ਦੀ ਯੋਜਨਾ ਬਾਰੇ ਖੁਲਾਸਾ ਕੀਤਾ। ਅੱਜ ਸਿਵਲ ਹਸਪਤਾਲ ਦਾ ਦੌਰਾ ਕਰਨ ਪਹੁੰਚੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਅੱਪਗ੍ਰੇਡ ਕੀਤਾ ਗਿਆ ਹੈ। ਪੰਜਾਬ ਵਿੱਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਨਸ਼ਾ ਕਰਨ ਦੇ ਆਦੀ ਲੋਕਾਂ ਦੇ ਇਲਾਜ ਲਈ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਲੋਕਾਂ ਦਾ ਨਾ ਸਿਰਫ ਇਲਾਜ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਆਪਣੀ ਜਿੰਦਗੀ ਮੁੜ ਲੀਹ ’ਤੇ ਤੋਰਨ ਲਈ ਅਤੇ ਆਪਣੇ ਕੰਮ ਸ਼ੁਰੂ ਕਰਨ ਲਈ ਵੱਖ ਵੱਖ ਤਰ੍ਹਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮੌਜੂਦਾ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਡਾਕਟਰਾਂ ਸਮੇਤ ਹੋਰ ਸਟਾਫ ਦੀ ਭਰਤੀ ਕਰਨ ਦੀ ਪ੍ਰਕਿਰਿਆ ਵਿੱਚ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੁਧਿਆਣਾ ਵਿੱਚ ਮੈਡੀਕਲ ਸਹੂਲਤਾਂ ਨੂੰ ਹੋਰ ਵਧਾਉਣ ਲਈ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਦੀ ਕਾਰਗੁਜ਼ਾਰੀ ’ਤੇ ਵੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਵਿੱਚ ਤਿੰਨ ਕਰੋੜ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐੱਸਡੀਐੱਮ ਜਸਲੀਨ ਕੌਰ ਭੁੱਲਰ, ਸਿਹਤ ਨਿਰਦੇਸ਼ਕ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।