ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਦਸੰਬਰ
ਇਥੇ ਥਾਣਾ ਸਿਵਲ ਲਾਈਨ ਦੀ ਪੁਲੀਸ ਨੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਖੋਹ ਕੀਤੇ ਹੋਏ 11 ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨ ਸਿੰਘ ਉਰਫ ਹੰਮਾ, ਲਾਡੀ ਸਿੰਘ ਉਰਫ ਲੱਡੂ, ਗੁਰਜਿੰਦਰ ਸਿੰਘ ਉਰਫ ਸੋਨੂ ਅਤੇ ਸੰਨੀ ਸਿੰਘ ਵੱਜੋਂ ਹੋਈ ਹੈ। ਇਹ ਸਾਰੇ ਹੀ ਪਿੰਡ ਵਰਪਾਲ ਨਾਲ ਸਬੰਧਤ ਹਨ ਅਤੇ ਇਨ੍ਹਾਂ ਦੀ ਉਮਰ 20 ਤੋਂ 30 ਸਾਲ ਦੇ ਵਿਚਾਲੇ ਹੈ। ਇਸ ਸਬੰਧ ਵਿੱਚ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ ਖੋਹ ਕੀਤੇ ਹੋਏ 11 ਮੋਬਾਈਲ ਫੋਨ ਅਤੇ ਵਾਰਦਾਤ ਵੇਲੇ ਵਰਤੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲੀਸ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ਼ਿਕਾਇਤ ਕੀਤੀ ਗਈ ਸੀ ਕਿ ਚਾਰ ਨੌਜਵਾਨ ਜੋ ਮੋਟਰਸਾਈਕਲ ’ਤੇ ਆਏ ਅਤੇ ਸ਼ਿਕਾਇਤਕਰਤਾ ਕੋਲੋਂ ਮੋਬਾਈਲ ਫੋਨ ਅਤੇ 2000 ਨਕਦੀ ਖੋਹ ਕੇ ਲੈ ਗਏ। ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਇਨ੍ਹਾਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਮੋਬਾਈਲ ਫੋਨ ਖੋਹ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਨੀ ਸਿੰਘ ਵਾਰਦਾਤ ਤੋਂ ਪਹਿਲਾਂ ਇਲਾਕੇ ਵਿੱਚ ਰੇਕੀ ਕਰਦਾ ਸੀ ਅਤੇ ਫਿਰ ਇਹ ਸਾਰੇ ਰਲ ਕੇ ਵਾਰਦਾਤ ਨੂੰ ਅੰਜ਼ਾਮ ਦਿੰਦੇ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।