ਲੋਕਾਂ ਨੂੰ ਨਸ਼ੇ ਦੇ ਖਾਤਮੇ ਦੀ ਸਹੁੰ ਚੁਕਾਈ
ਖੰਨਾ(ਜੋਗਿੰਦਰ ਸਿੰਘ ਓਬਰਾਏ): ਅੱਜ ਇਥੇ ਨੇੜਲੇ ਪਿੰਡ ਚਕੋਹੀ, ਕਿਸ਼ਨਗੜ੍ਹ, ਮਹਿੰਦੀਪੁਰ, ਮੰਡਿਆਲਾ ਕਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁੱਕਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਪਰਮਪ੍ਰੀਤ ਸਿੰਘ ਅਤੇ ਬਲਾਕ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਵਿਅਕਤੀ ਨੂੰ ਪ੍ਰਣ ਕਰਕੇ ਉਸ ਨੂੰ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣੀ ਚਾਹੀਦੀ। ਹਰ ਇਕ ਪਿੰਡ ਵਿਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਕਮੇਟੀਆਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਮੁਕੰਮਲ ਤੌਰ ਤੇ ਬੰਦ ਕਰਵਾਉਣ ਵਿਚ ਯੋਗਦਾਨ ਪਾਉਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੋਸਤਾਂ, ਰਿਸ਼ਤੇਦਾਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦੇ ਹੋਏ ਅਜਿਹੀ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਤਾਂ ਹੀ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਹਰ ਵਿਅਕਤੀ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਅਰੰਭ ਕੀਤੀ ਗਈ ਹੈ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਸਰਪੰਚ ਸਿਕੰਦਰ ਸਿੰਘ, ਹਰਮਨਦੀਪ ਸਿੰਘ, ਸੁਖਜੀਤ ਸਿੰਘ ਕਾਹਲੋਂ, ਸੁਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।