ਲੋਕਾਂ ਨੂੰ ਮੀਂਹ ਦੇ ਪਾਣੀ ਦੀ ਮਾਰ ਤੋਂ ਬਚਾਉਣ ਲਈ ਸਰਕਾਰ ਨੂੰ ਨੋਟਿਸ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਜੂਨ
ਆਮ ਆਦਮੀ-ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਦਰਸ਼ਨ ਸਿੰਘ ਧਾਲੀਵਾਲ, ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ, ਬਸਪਾ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ ਅਤੇ ਸੀਪੀਆਈ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੱਪਰ ਨੇ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਤੋਂ ਲਈ ਨੋਟਿਸ ਭੇਜਿਆ ਹੈ।
ਆਗੂਆਂ ਨੇ ਕਿਹਾ ਕਿ ਬਰਸਾਤ ਦਾ ਮੌਸਮ ਸਿਰ ’ਤੇ ਹੈ ਪਰ ਹਾਲੇ ਤੱਕ ਸਰਕਾਰ ਅਤੇ ਸਬੰਧਤ ਵਿਭਾਗਾਂ ਨੇ ਨਦੀਆਂ, ਨਾਲਿਆਂ ਦੀ ਸਫ਼ਾਈ ਨਹੀਂ ਕਰਵਾਈ। ਉਨ੍ਹਾਂ ਨੇ ਆਪਣੇ ਵਕੀਲਾਂ ਦੇ ਪੈਨਲ ਯਸ਼ਜੋਤ ਸਿੰਘ ਧਾਲੀਵਾਲ, ਮਨਪ੍ਰਭਲੀਨ ਕੌਰ ਅਤੇ ਰੋਹਿਤ ਕੁਮਾਰ ਰਾਹੀਂ ਪੰਜਾਬ ਦੇ ਮੁੱਖ ਸਕੱਤਰ, ਸਿੰਜਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਪੀਡਬਲਿਊਡੀ ਦੇ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਨੂੰ ਨੋਟਿਸ ਭੇਜ ਕੇ ਬਰਸਾਤੀ ਪਾਣੀ ਅਤੇ ਹੜ੍ਹਾਂ ਦੇ ਬਚਾਅ ਲਈ ਫ਼ੌਰੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਅਤੇ ਸਬੰਧਤ ਵਿਭਾਗਾਂ ਵੱਲੋਂ ਠੋਸ ਕਦਮ ਨਾ ਚੁੱਕੇ ਗਏ ਤਾਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਆਦਿ ਨੂੰ 17 ਅਪਰੈਲ ਨੂੰ ਮੰਗ ਪੱਤਰ ਭੇਜੇ ਗਏ ਸਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਸਾਲ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ਦੇ ਨੇੜਲੇ ਇਲਾਕੇ ਦੇ ਲੋਕਾਂ ਦਾ ਕਰੋੜਾਂ ਦਾ ਨੁਕਸਾਨ ਹੁੰਦਾ ਹੈ। ਇਸ ਸਬੰਧੀ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਵੱਲੋਂ ਇੱਕ ਰਿਪੋਰਟ ਤਿਆਰ ਕੀਤੀ ਗਈ ਸੀ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।