ਵਕਫ਼ ਸੋਧ ਬਿੱਲ: ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਨੂੰ ਭਰਵਾਂ ਹੁੰਗਾਰਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 11 ਅਪਰੈਲ
ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਵਕਫ਼ ਸੋਧ ਬਿੱਲ ਖ਼ਿਲਾਫ਼ ਮੁਸਲਿਮ ਭਾਈਚਾਰੇ ਦੇ ਲੋਕ ਸੜਕਾਂ ’ਤੇ ਉਤਰ ਆਏ ਹਨ। ਮੁਸਲਿਮ ਭਾਈਚਾਰੇ ਵੱਲੋਂ ਗਠਿਤ ਵਿਸ਼ੇਸ਼ ਕਮੇਟੀ ਦੇ ਮੁਖੀ ਡਾ. ਅਨਵਰ ਹੁਸੈਨ ਦੀ ਅਗਵਾਈ ਹੇਠ ਅੱਜ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦਾ ਜ਼ਬਰਦਸਤ ਪਿੱਟ ਸਿਆਪਾ। ਪ੍ਰਦਰਸ਼ਨਕਾਰੀਆਂ ਨੇ ਵਕਫ਼ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਸਲਿਮ ਭਾਈਚਾਰੇ ਦੇ ਇਸ ਵਿਰੋਧ ਪ੍ਰਦਰਸ਼ਨ ਨੂੰ ਸਾਰੇ ਧਰਮਾਂ ਅਤੇ ਸਿਆਸੀ ਪਾਰਟੀਆਂ ਦਾ ਭਰਵਾਂ ਸਮਰਥਨ ਮਿਲਿਆ। ਕੌਮੀ ਇਨਸਾਫ਼ ਮੋਰਚਾ, ਕਿਸਾਨ ਜਥੇਬੰਦੀਆਂ, ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਸਮੇਤ ਨਿਹੰਗ ਸਿੰਘਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਜੀਤ ਸਿੰਘ ਭਾਊ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਡਾ. ਅਨਵਰ ਹੁਸੈਨ, ਦਲਿਤ ਆਗੂ ਸ਼ਮਸ਼ੇਰ ਪੁਰਖਾਲਵੀ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਮੁਹੰਮਦ ਇਕਬਾਲ ਖਾਨਪੁਰ, ਕਬਰਿਸਤਾਨ ਬਚਾਓ ਫਰੰਟ ਦੇ ਚੇਅਰਮੈਨ ਸਾਦਿਕ ਮਲਿਕ, ਰੋਜ਼ਾ ਕਮੇਟੀ ਦੇ ਪ੍ਰਧਾਨ ਮੰਗਤ ਖਾਨ ਝੰਜੇੜੀ, ਡਾ. ਅਵਤਾਰ ਮਲਿਕ ਮੈਂਬਰ ਹੱਜ ਕਮੇਟੀ, ਐਡਵੋਕੇਟ ਮੁਹੰਮਦ ਸਲੀਮ, ਖ਼ੁਆਜਾ ਖਾਨ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਵਕਫ਼ ਐਕਟ ਵਿੱਚ ਕੀਤੀਆਂ ਗਈਆਂ ਤਾਜ਼ਾ ਤਰਮੀਮਾਂ ਸੰਵਿਧਾਨ ਦੇ ਆਰਟੀਕਲ 14, 15, 25, 26 ਅਤੇ 29 ਦੇ ਖ਼ਿਲਾਫ਼ ਅਤੇ ਧਾਰਮਿਕ ਆਜ਼ਾਦੀ ਅਤੇ ਆਪਣੇ ਮੱਤ ਦੀਆਂ ਸੰਸਥਾਵਾਂ ਨੂੰ ਆਜ਼ਾਦ ਚਲਾਉਣ ਦੇ ਹੱਕ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਹੋਰ ਧਾਰਮਿਕ ਸੰਸਥਾਵਾਂ ਨੂੰ ਆਪਣੇ ਅੰਦਰੂਨੀ ਮਾਮਲੇ ਸੁਤੰਤਰ ਤੌਰ ’ਤੇ ਚਲਾਉਣ ਦੀ ਆਜ਼ਾਦੀ ਹੈ ਪਰ ਵਕਫ਼ ਐਕਟ ਵਿੱਚ ਤਰਮੀਮਾਂ ਨਾਲ ਸਿਰਫ਼ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਨੇ ਵਕਫ਼ ਸੋਧ ਬਿੱਲ ਰੱਦ ਕਰਨ ਦੀ ਮੰਗ ਕਰਦਿਆਂ ਡੀਸੀ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ।