ਵਕਫ਼ ਸੋਧ ਬਿੱਲ ਦਾ ਵਿਰੋਧ ਕਰੇਗੀ ‘ਆਪ’: ਮੁੱਖ ਮੰਤਰੀ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 31 ਮਾਰਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ‘ਆਪ’ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫ਼ੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ।