ਵਡਾਲੀ ਗੁਰੂ ਸਕੂਲ ਦੇ ਵਿਕਾਸ ਲਈ 42 ਲੱਖ ਰੁਪਏ ਭੇਟ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 7 ਦਸੰਬਰ
ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਦੇ ਵਿਕਾਸ ਲਈ ਇੰਟਰਲਾਕ ਟਾਈਲ ਅਤੇ ਸੇਰਾਮਿਕ ਟਾਈਲ ਅਤੇ ਹੋਰ ਮੁਰੰਮਤ ਲਈ 42 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸਕੂਲ ਪ੍ਰਿੰਸੀਪਲ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਕੱਲ ਦਾ ਭਵਿੱਖ ਹਨ ਅਤੇ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਇਨ੍ਹਾਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਵਿਧਾਇਕ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲੀ ਬੱਚਿਆਂ ਦੀ ਸਿੱਖਿਆ ਸਬੰਧੀ ਕਾਫ਼ੀ ਗੰਭੀਰ ਹੈ। ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਪੜ੍ਹਾਉਣ ਦੇ ਬਿਹਤਰ ਢੰਗ ਸਿੱਖਣ ਲਈ ਵਿਦੇਸ਼ਾਂ ਵਿੱਚ ਸਿਖਲਾਈ ਵੀ ਦਿਵਾਈ ਜਾ ਰਹੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ, ਚੇਅਰਮੈਨ ਐੱਮਸੀ ਜਗਤਾਰ ਸਿੰਘ ਮਾਨ, ਪ੍ਰਿੰਸੀਪਲ ਬਲਰਾਜ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਕੰਵਲਜੀਤ ਸਿੰਘ ਸੰਧੂ ਅਤੇ ਐਕਸੀਅਨ ਪੰਚਾਇਤੀ ਰਾਜ ਕੁਲਵੰਤ ਸਿੰਘ ਹਾਜ਼ਰ ਸਨ।