ਵਿਦਿਆਰਥੀਆਂ ਵੱਲੋਂ ਸਰਕਾਰ ਖ਼ਿਲਾਫ਼ ਰੈਲੀ
ਮਾਲੇਰਕੋਟਲਾ, 17 ਜੂਨ
ਸੰਗਰੂਰ ਨੇੜਲੇ ਬੀੜ ਐਸ਼ਵਾਨ ਨੂੰ ਬੇਗਮਪੁਰਾ ਬਣਾਉਣ ਲਈ 28 ਫਰਵਰੀ ਤੋਂ ਸੰਘਰਸ਼ ਦੀ ਅਗਵਾਈ ਕਰ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਦੀ ਪ੍ਰਸ਼ਾਸਨ ਵੱਲੋਂ 13 ਜੂਨ ਨੂੰ ਗੱਲਬਾਤ ਲਈ ਬੁਲਾ ਕੇ ਕੀਤੀ ਗ੍ਰਿਫਤਾਰੀ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਮਲਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸਰਕਾਰੀ ਆਈਟੀਆਈ ਮਾਲੇਰਕੋਟਲਾ ’ਚ ਰੋਸ ਰੈਲੀ ਕਰਕੇ ਮਜ਼ਦੂਰ ਆਗੂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਵਿਦਿਆਰਥੀ ਆਗੂ ਕਮਲਦੀਪ ਕੌਰ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਬੇਚਿਰਾਗ ਪਿੰਡ ਨੂੰ ਬੇਗਮਪੁਰਾ ਵਿੱਚ ਤਬਦੀਲ ਕਰਨ ਲਈ 28 ਫਰਵਰੀ ਨੂੰ ਚਿਰਾਗ ਜਗਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਭਾਰੀ ਪੁਲੀਸ ਤਾਇਨਾਤ ਕਰਕੇ 20 ਮਈ ਨੂੰ ਹੀ ਵੱਖ ਵੱਖ ਪਿੰਡਾਂ ਵਿਚੋਂ ਸੈਂਕੜੇ ਮਜ਼ਦੂਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰ ਦਿੱਤਾ। ਇਸ ਮਗਰੋਂ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਗ੍ਰਿਫਤਾਰ ਕਰਕੇ ਬਠਿੰਡਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀ ਇਸ ਕਥਿਤ ਘਟੀਆ ਕਾਰਵਾਈ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਮੰਗ ਕੀਤੀ ਕਿ ਜਥੇਬੰਦੀ ਦੇ ਆਗੂ ਬਿੱਕਰ ਸਿੰਘ ਹਥੋਆ ਸਮੇਤ ਸਾਰੇ ਦਲਿਤ ਮਜ਼ਦੂਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਰੋਸ਼ਨ ਸ਼ਰਮਾ, ਫੈਜ਼ਲ ਖਾਨ, ਹਰਸ਼ਦੀਪ ਸਿੰਘ ਤੇ ਸਿਮਰਨਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ।