ਵਿਦਿਆਰਥੀ ਆਗੂ ਸੁਖਦੀਪ ਹਥਨ ਦੀ ਰਿਹਾਈ ਦੀ ਮੰਗ
ਪਰਮਜੀਤ ਸਿੰਘ ਕੁਠਾਲਾ
ਮਾਲੇਰਕੋਟਲਾ, 23 ਮਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬੇਗਮਪੁਰਾ ਵਸਾਉਣ ਦੇ ਐਕਸ਼ਨ ਨੂੰ ਕਥਿਤ ਤੌਰ ’ਤੇ ਕੁਚਲਣ ਲਈ ਪੱਬਾਂ ਭਾਰ ਹੋਈ ਪੰਜਾਬ ਸਰਕਾਰ ਦੇ ਇਸ਼ਾਰਿਆਂ ’ਤੇ 20 ਮਈ ਨੂੰ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੇ ਸੂਬਾ ਕਮੇਟੀ ਮੈਂਬਰ ਸੁਖਦੀਪ ਹਥਨ ਨੂੰ ਗ੍ਰਿਫ਼ਤਾਰ ਕਰਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੈਂਕੜੇ ਆਗੂਆਂ ਸਮੇਤ ਸੰਗਰੂਰ ਜੇਲ੍ਹ ਅੰਦਰ ਬੰਦ ਕਰਨ ਦੀ ਨਿੰਦਾ ਕੀਤੀ ਹੈ। ਪੀਐੱਸਯੂ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕਮਲਦੀਪ ਕੌਰ, ਜ਼ਿਲ੍ਹਾ ਖਜ਼ਾਨਚੀ ਜਗਰਾਜ ਸਿੰਘ ਤੇ ਜ਼ਿਲ੍ਹਾ ਆਗੂ ਪਵਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੀ ਇਸ ਨਾਦਰਸ਼ਾਹੀ ਕਾਰਵਾਈ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਖਦੀਪ ਹਥਨ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਘੋਲ ਨਾਲ ਸਬੰਧਤ ਪੋਸਟਾਂ ਸੋਸ਼ਲ ਮੀਡੀਆ ’ਤੇ ਨਸ਼ਰ ਕਰਨ ਕਰਕੇ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜੇਲ੍ਹ ਵਿੱਚ ਬੰਦ 125 ਦੇ ਕਰੀਬ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਅਤੇ ਪੀਐੱਸਯੂ ਆਗੂ ਸੁਖਦੀਪ ਹਥਨ ਨਾਲ ਅਣਮਨੁੱਖੀ ਵਿਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ 24 ਘੰਟੇ ਬੰਦੀ ਵਿੱਚ ਰੱਖ ਕੇ ਨਾ ਪੀਣ ਲਈ ਸਾਫ਼ ਪਾਣੀ ਅਤੇ ਨਾ ਹੀ ਸਾਫ਼ ਖਾਣਾ ਦਿੱਤਾ ਜਾਂਦਾ ਹੈ। ਇਥੋਂ ਤੱਕ ਕਿ ਪਰਿਵਾਰ ਵੱਲੋਂ ਭੇਜੇ ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਵੀ ਉਨ੍ਹਾਂ ਨੂੰ ਨਹੀਂ ਦਿੱਤੇ ਜਾ ਰਹੇ। ਵਿਦਿਆਰਥੀ ਆਗੂਆਂ ਮੁਤਾਬਕ ਸੰਗਰੂਰ ਜੇਲ੍ਹ ਵਿੱਚ ਬੰਦ ਵਿਦਿਆਰਥੀਆਂ ਦੇ ਇਮਤਿਹਾਨ ਚੱਲ ਰਹੇ ਹਨ ਪਰ ਉਨ੍ਹਾਂ ਨੂੰ ਪੇਪਰ ਦੇਣ ਦੀ ਵੀ ਆਗਿਆ ਨਹੀਂ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਸਾਰੇ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕਰਦਿਆਂ ਵਿਦਿਆਰਥੀ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਗ੍ਰਿਫਤਾਰ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੀਐੱਸਯੂ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।