ਵਿਧਾਇਕ ਤੇ ਡੀਸੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਪੱਤਰ ਪ੍ਰੇਰਕ
ਜਲੰਧਰ, 2 ਅਪਰੈਲ
ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਦੌਰੇ ਦੌਰਾਨ ਵਿਧਾਇਕ ਤੇ ਡੀਸੀ ਨੇ ਐਕਸ-ਰੇ ਵਿਭਾਗ, ਜਨਮ ਤੇ ਮੌਤ ਰਜਿਸਟ੍ਰੇਸ਼ਨ ਬ੍ਰਾਂਚ ਅਤੇ ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮਰੀਜ਼ਾਂ ਨੂੰ ਆਪਣਾ ਇਲਾਜ ਮੁਕੰਮਲ ਹੋਣ ਉਪਰੰਤ ਨਸ਼ੇ ਦੀ ਵਰਤੋਂ ਬਚਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਵਿਖੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕ੍ਰਿਟੀਕਲ ਕੇਅਰ ਬਲਾਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਨਿਰਮਾਣ ਕਾਰਜਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ, ਡਾ. ਅਭੈਰਾਜ ਆਦਿ ਮੌਜੂਦ ਸਨ।