ਵਿਧਾਇਕ ਵਲੋਂ ਐੱਸਟੀਪੀ ਨਿਰਮਾਣ ਦਾ ਜਾਇਜ਼ਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਜੂਨ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਸੁਨਾਮ ਰੋਡ ਵਿਖੇ ਕਰੀਬ 15.5 ਕਰੋੜ ਦੀ ਲਾਗਤ ਨਾਲ 11 ਐਮ.ਐਲ.ਡੀ. ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਜਿਸ ਨੂੰ ਮਾਰਚ-2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ’ਚ ਟ੍ਰੀਟ ਕੀਤਾ ਪਾਣੀ ਖੇਤਾਂ ਵਿਚ ਸਿੰਚਾਈ ਲਈ ਵਰਤਿਆ ਜਾਵੇਗਾ ਜਿਸ ਨਾਲ ਖੇਤਾਂ ਲਈ ਵਰਤੇ ਜਾਣ ਵਾਲੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਉਨ੍ਹਾਂ ਕਿਹਾ ਕਿ ਇਸ ਐਸਟੀਪੀ ਦੇ ਨਾਲ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਪੰਪਿੰਗ ਸਿਸਟਮ ਅਤੇ ਫੋਕਲ ਪੁਆਇੰਟ ਤੋਂ ਸੁਨਾਮ ਰੋਡ ਤਕ ਆਰ.ਸੀ.ਸੀ. ਲਾਈਨ ਵੀ ਬਣਾਈ ਜਾ ਰਹੀ ਹੈ ਜਿਸ ਨਾਲ ਸੀਵਰੇਜ ਦਾ ਪਾਣੀ ਪੰਪ ਕਰ ਕੇ ਐਸ.ਟੀ.ਪੀ. ਵਿੱਚ ਪਾਇਆ ਜਾਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸੰਗਰੂਰ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਤੇ ਉਨ੍ਹਾਂ ਨੂੰ ਸੀਵਰੇਜ ਸਬੰਧੀ ਦਰਪੇਸ਼ ਦਿੱਕਤਾਂ ਤੋਂ ਨਿਜਾਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਲੋਕ ਪੱਖੀ ਕੰਮਾਂ ਨੂੰ ਪੂਰਨ ਪਾਰਦਰਸ਼ੀ ਢੰਗ ਨਾਲ ਤੈਅ ਸਮੇਂ ਮੁਤਾਬਕ ਨੇਪਰੇ ਚਾੜ੍ਹਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਜੀਹ ਹੈ। ਇਸ ਮਕਸਦ ਨੂੰ ਲੈ ਕੇ ਸੰਗਰੂਰ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰੇ ਹੋਣ ਨਾਲ ਕਿਸਾਨਾਂ ਨੂੰ ਵੀ ਲਾਭ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ਉੱਤੇ ਪਾਣੀ ਦੀ ਵਰਤੋਂ ਘਟੇਗੀ ਤੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ।