ਵਿਧਾਇਕ ਵੱਲੋਂ ਅੰਨਗੜ੍ਹ ਖੇਤਰ ’ਚ ਸਫ਼ਾਈ ਮੁਹਿੰਮ ਸ਼ੁਰੂ
ਅੰਮ੍ਰਿਤਸਰ, 3 ਮਈ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਅੰਨਗੜ੍ਹ ਖੇਤਰ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਰੰਤਰ ਸਫਾਈ ਮੁਹਿੰਮਾਂ ਚਲਾਉਣ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਲੋਕਾਂ ਵਿੱਚ ਜਾਣ ਅਤੇ ਸਫਾਈ ਮੁਹਿੰਮ ਚਲਾਉਣ ਦੇ ਨਾਲ-ਨਾਲ ਲੋਕਾਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਨਗਰ ਨਿਗਮ ਆਪਣੇ ਪੱਧਰ `ਤੇ ਸਫ਼ਾਈ ਪ੍ਰਬੰਧ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।ਅਸੀਂ ਇਕੱਠੇ ਮਿਲ ਕੇ ਅੰਮ੍ਰਿਤਸਰ ਨੂੰ ਹੋਰ ਸਾਫ਼ ਅਤੇ ਸੁੰਦਰ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਪੰਜਾਬ ਸਰਕਾਰ ਦੀ ਸਾਫ਼, ਹਰੇ ਅਤੇ ਪ੍ਰਗਤੀਸ਼ੀਲ ਸ਼ਹਿਰੀ ਵਿਕਾਸ ਯਾਤਰਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਅੱਜ ਤੱਕ ਕੋਈ ਵੀ ਵਿਧਾਇਕ ਅਨੰਗੜ੍ਹ ਇਲਾਕੇ ਦੀਆਂ ਗਲੀਆਂ ਵਿੱਚ ਨਹੀਂ ਆਇਆ, ਜਦਕਿ ਸਿਰਫ਼ ਵਿਧਾਇਕ ਡਾ. ਅਜੇ ਗੁਪਤਾ ਸੜਕਾਂ ’ਤੇ ਆ ਰਹੇ ਹਨ। ਇਲਾਕਾ ਨਿਵਾਸੀਆਂ ਨੇ ਵਿਧਾਇਕ ਗੁਪਤਾ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ, ਸੈਨੇਟਰੀ ਇੰਸਪੈਕਟਰ ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਦਾਸ, ਸਾਹਿਬ ਸਿੰਘ, ਵਿੱਕੀ ਕੁਮਾਰ, ਸੁਦੇਸ਼ ਕੁਮਾਰ, ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ, ਨਗਰ ਨਿਗਮ ਦੇ ਅਧਿਕਾਰੀ ਅਤੇ ਸਫਾਈ ਕਰਮਚਾਰੀ ਮੌਜੂਦ ਸਨ।