ਵਿਧਾਇਕ ਵੱਲੋਂ ਬਲੌਂਗੀ ਤੋਂ ਬਰਿਆਲੀ ਸਣੇ ਚਾਰ ਸੜਕਾਂ ਦਾ ਨੀਂਹ ਪੱਥਰ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 22 ਮਈ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਤੋਂ ਬਰਿਆਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁੱਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਅਤੇ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ 30 ਲੱਖ ਰੁਪਏ ਦੀ ਲਾਗਤ ਨਾਲ ਬਲੌਂਗੀ-ਬਰਿਆਲੀ ਸਮੇਤ ਚਾਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। 60 ਐਮਐਮ ਪੇਵਰ ਬਲਾਕ ਨਾਲ ਬਣਾਈਆਂ ਜਾਣ ਵਾਲੀਆਂ ਇਨ੍ਹਾਂ ਸੜਕਾਂ ਦਾ ਕੰਮ ਤਿੰਨ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਵੱਲੋਂ 45 ਲੱਖ ਦੀ ਲਾਗਤ ਨਾਲ ਬਲੌਂਗੀ ਦੀ ਫਿਰਨੀ ਦਾ ਕੰਮ ਕਰਵਾਇਆ ਗਿਆ ਹੈ ਅਤੇ ਡਰੇਨੇਜ ਪਾਈਪਾਂ ਪਾਈਆਂ ਗਈਆਂ। ਲੋਕ ਪਿਛਲੇ 15 ਸਾਲ ਤੋਂ ਮੁਰੰਮਤ ਦੀ ਮੰਗ ਕਰਦੇ ਆ ਰਹੇ ਸੀ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੁਹਾਲੀ ਸਮੇਤ ਪੰਜਾਬ ਵਿੱਚ ਹੁਣ ਤੱਕ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਟੈੱਸਟ ਦੀ ਸਹੂਲਤ ਹੈ। ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਇਸ ਕੰਮ ਲਈ 1800 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਬਲਾਕ ਪ੍ਰਧਾਨ ਮਗਨ ਲਾਲ, ਸਰਪੰਚ ਜਸਵਿੰਦਰ ਕੌਰ ਬਰਾੜ, ਸਾਬਕਾ ਸਰਪੰਚ ਮੱਖਣ ਸਿੰਘ ਬਰਾੜ, ਜੇਈ ਜਸਪਾਲ ਮਸੀਹ, ‘ਆਪ’ ਵਲੰਟੀਅਰ ਹਰਬਿੰਦਰ ਸਿੰਘ ਸੈਣੀ, ਸ਼ਿਵੰਦਰ ਸਿੰਘ ਕੰਗ, ਅਰੁਣ ਗੋਇਲ, ਅਵਤਾਰ ਮੌਲੀ ਅਤੇ ਪਿੰਡ ਦੇ ਪਤਵੰਤੇ ਮੌਜੂਦ ਸਨ।