ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਮਾਲੇਰਕੋਟਲਾ, 1 ਜੂਨ
ਹਲਕਾ ਮਾਲੇਰਕੋਟਲਾ ਦੇ ਪਿੰਡ ਆਹਨਖੇੜੀ, ਸ਼ੇਰਵਾਨੀਕੋਟ ਅਤੇ ਲੋਹਾ ਬਾਜ਼ਾਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 53.44 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਏ ਕ੍ਰਾਂਤੀਕਾਰੀ ਫੈਸਲਿਆਂ ਤਹਿਤ ਸਿੱਖਿਆ ਢਾਂਚੇ ਦਾ ਬੁਨਿਆਦੀ ਵਿਕਾਸ ਕਰਕੇ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਆਹਨਖੇੜੀ ’ਚ 7.50 ਲੱਖ ਦੀ ਲਾਗਤ ਨਾਲ ਨਵੇਂ ਕਮਰੇ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਵਾਨੀ ਕੋਟ ’ਚ 23.44 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ, ਕਲਾਸ ਰੂਮਾਂ ਦੀ ਮੁਰੰਮਤ ਅਤੇ ਨਵੀਂ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਾਜ਼ਾਰ ’ਚ 22.50 ਲੱਖ ਰੁਪਏ ਨਾਲ 3 ਨਵੇਂ ਕਮਰਿਆਂ ਦੀ ਉਸਾਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਹੈੱਡ ਟੀਚਰ ਮੁਹੰਮਦ ਹਨੀਫ, ਇੰਚਾਰਜ ਅਮਨਦੀਪ ਸਿੰਘ, ਸੀਐੱਚਟੀ ਸੀਮਾਂ ਕਾਂਸਲ ਅਤੇ ਬੀਪੀਈਓ ਸੋਹਨ ਸਿੰਘ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਮਾਪੇ ਵੀ ਮੌਜੂਦ ਸਨ।
ਘੁੱਲੀ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਧੂਰੀ (ਪਵਨ ਕੁਮਾਰ ਵਰਮਾ): ਪਿੰਡ ਮਾਨਵਾਲਾ ਦੇ ਮਿਡਲ ਸਕੂਲ ਵਿੱਚ ਹੈੱਡ ਟੀਚਰ ਪਰਮਵੀਰ ਸ਼ਰਮਾ ਦੀ ਅਗਵਾਈ ਹੇਠ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ। ਇਸ ਮੌਕੇ ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਦਰਸ਼ਨ ਸਿੰਘ ਪਾਠਕ, ਸੁਖਦੀਪ ਸਿੰਘ ਅਤੇ ਸ਼ਿਵਰਾਜ ਸਿੰਘ ਢੀਂਡਸਾ ਆਦਿ ਹਾਜ਼ਰ ਸਨ।