ਵਿਧਾਇਕ ਵੱਲੋਂ ਸਕੂਲਾਂ ’ਚ 1.12 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਜੋਗਿੰਦਰ ਸਿੰਘ ਮਾਨ
ਮਾਨਸਾ, 19 ਮਈ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਅਧਿਆਪਨ ਤੋਂ ਹੀ ਰਾਜਨੀਤੀ ਵੱਲ ਆਏ ਹਨ ਅਤੇ ਅਧਿਆਪਕਾਂ ’ਤੇ ਹਮੇਸ਼ਾ ਮਾਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿੱਚ ਬੱਚਿਆਂ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਉਹ ਹਲਕੇ ਦੇ ਚਾਰ ਸਰਕਾਰੀ ਸਕੂਲਾਂ ’ਚ 1 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਸਰਕਾਰੀ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰੇਟਾ ਵਿੱਚ 46.26 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਰੇਟਾ ਵਿੱਚ 3.33 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ ਵਿੱਚ 52.70 ਲੱਖ, ਸਰਕਾਰੀ ਮਿਡਲ ਸਕੂਲ ਬਰੇਟਾ ਪਿੰਡ ਵਿੱਚ10.37 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਲਾਸਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਾਂ, ਪਲੇਅਗਰਾਊਂਡ ਤੇ ਚਾਰਦੀਵਾਰੀ ਆਦਿ ਦਾ ਉਦਘਾਟਨ ਕੀਤਾ।
ਇਸ ਮੌਕੇ ਸੁਭਾਸ਼ ਨਾਗਪਾਲ, ਸਕੂਲ ਮੁਖੀ ਮੋਨਿਕਾ, ਸ਼ਮੀਨਾ, ਗੁਰਜੰਟ ਸਿੰਘ ਤੇ ਸ਼ਿਖਾ, ਬਲਵਿੰਦਰ ਖਾਨ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਅਧਿਆਪਕ, ਬੱਚੇ, ਮਾਪੇ ਅਤੇ ਹੋਰ ਪਤਵੰਤੇ ਮੌਜੂਦ ਸਨ।