ਵਿਸ਼ੇਸ਼ ਸੈਸ਼ਨ ’ਚ ਡੈਮ ਸੇਫਟੀ ਐਕਟ ਰੱਦ ਕਰਨ ਦਾ ਮਤਾ ਪਾਸ ਕਰਨ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
ਬੀਬੀਐੱਮਬੀ ਵਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਐਤਵਾਰ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇਗੀ। ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ ਪੰਜਾਬ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਬੀਬੀਐੱਮਬੀ ਨੇ ਰਿਪੇਰੀਅਨ ਸਿਧਾਂਤ ਦੀ ਅਣਦੇਖੀ ਕੀਤੀ ਹੈ। ਉਨ੍ਹਾਂ ਇਸ ਸਬੰਧੀ ਸੂਬਿਆਂ ਦੇ ਅਧਿਕਾਰਾਂ ਵਿਰੁੱਧ ਭੁਗਤਦੇ ਡੈਮ ਸੇਫਟੀ ਐਕਟ ਨੂੰ ਬੁਨਿਆਦੀ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ, ਰਾਜਸਥਾਨ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸ਼ਾਰਦਾ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕੀਤੀ ਜਾਵੇ ਅਤੇ ਰਾਵੀ ਦੇ ਪਾਕਿਸਤਾਨ ਨੂੰ ਅਜਾਈਂ ਜਾ ਰਹੇ ਪਾਣੀ ਦੀ ਸੰਭਾਲ ਅਤੇ ਵਰਤੋਂ ਕਰਕੇ ਪੀਣ ਤੇ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ।
ਜਥੇਬੰਦੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ 4 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਜਾਵੇਗੀ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ।
ਸੂਬਿਆਂ ਦੇ ਕਿਸਾਨਾਂ ’ਚ ਪਾੜਾ ਪਾਉਣ ਦੀ ਸਾਜ਼ਿਸ਼: ਉਗਰਾਹਾਂ
ਮਾਨਸਾ (ਜੋਗਿੰਦਰ ਸਿੰਘ ਮਾਨ): ਭਾਖੜਾ ਡੈਮ ਤੋਂ ਛੱਡੇ ਜਾਂਦੇ ਪਾਣੀ ਦੀ ਵੰਡ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਪੈਦਾ ਹੋਏ ਵਿਵਾਦ ਦਰਮਿਆਨ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਹ ਰੱਟਾ ਦੋਵਾਂ ਸੂਬਿਆਂ ਦੇ ਕਿਸਾਨਾਂ ’ਚ ਪਾੜਾ ਪਾਉਣ ਦੀ ਕੇਂਦਰੀ ਹਕੂਮਤ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਹਕੂਮਤ ਦੇ ਜਵਾਬ ਦਾ ਤਰੀਕਾ ਵੀ ਆਪਣੀਆਂ ਸਿਆਸੀ ਗਿਣਤੀਆਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦਾ ਮਸਲਾ ਦੋਵਾਂ ਸੂਬਿਆਂ ਦੇ ਲੋਕਾਂ ’ਚ ਵਿਵਾਦ ਦਾ ਕਾਰਨ ਨਹੀਂ ਬਣਨ ਦਿੱਤਾ ਜਾਣਾ ਚਾਹੀਦਾ ਅਤੇ ਇਸ ਨੂੰ ਮਿਲ-ਬੈਠ ਕੇ ਸੁਲਝਾਉਣਾ ਚਾਹੀਦਾ ਹੈ। ਉਨ੍ਹਾਂ ਦੋਵਾਂ ਸੂਬਿਆਂ ਦੇ ਕਿਸਾਨਾਂ ਨੂੰ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੇ ਸਿਆਸਤਦਾਨਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੈਅ ਕੀਤੀ ਵੰਡ ਅਨੁਸਾਰ ਭਾਖੜਾ ਡੈਮ ਤੋਂ ਹਰਿਆਣੇ ਨੂੰ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ।