‘ਵੀਰ ਬਾਲ ਗਾਥਾ’ ਸ਼ਬਦ ਗਾਇਨ ਮੁਕਾਬਲੇ ਕਰਵਾਏ
ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿੱਚ ਅੱਜ ਸਹੋਦਿਆ ਸਕੂਲ ਕੰਪਲੈਕਸ ਤਹਿਤ ‘ਵੀਰ ਬਾਲ ਗਾਥਾ’ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਕੁੱਲ 12 ਟੀਮਾਂ ਨੇ ਹਿੱਸਾ ਲਿਆ ਤੇ ਸੰਗੀਤਕ ਹੁਨਰ ਦਾ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਡਾ. ਜਤਿੰਦਰ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ। ਵਿਦਿਆਰਥੀਆਂ ਨੇ ਰਾਗਬੱਧ ਸ਼ਬਦ ਗਾਏ। ਮੁਕਾਬਲੇ ਵਿੱਚ ਗਰੀਨ ਗਰੋਵ ਪਬਲਿਕ ਸਕੂਲ ਖੰਨਾ ਨੂੰ ਪਹਿਲਾ, ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਨੂੰ ਦੂਜਾ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਭੱਟੀਆਂ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ। ਜੇਤੂਆਂ ਨੂੰ ਟਰਾਫ਼ੀਆਂ ਤੇ ਸਨਮਾਨ ਪੱਤਰ ਦਿੱਤੇ ਗਏ।
ਇਸ ਤੋਂ ਇਲਾਵਾ ਪਬਲਿਕ ਸਕੂਲ ਦੋਰਾਹਾ ਅਤੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਨੂੰ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲਾ ਧਾਰਮਿਕ ਅਤੇ ਸੰਗੀਤਮਈ ਵਾਤਾਵਰਨ ਨਾਲ ਸਫ਼ਲਤਾਪੂਰਵਕ ਸਮਾਪਤ ਹੋਇਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਉਚੇਚੇ ਤੌਰ ’ਤੇ ਪਹੁੰਚੇ ਅਤੇ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਦਾ ਧੰਨਵਾਦ ਕੀਤਾ। ਇਸ ਸਮੇਂ ਪ੍ਰਿੰਸੀਪਲ ਡਾ. ਧੀਰਜ ਕੁਮਾਰ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਹਿਯੋਗੀ ਟੀਮਾਂ ਦਾ ਧੰਨਵਾਦ ਕੀਤਾ।