ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ
ਨਿਜੀ ਪੱਤਰ ਪ੍ਰੇਰਕ
ਸੰਗਰੂਰ, 8 ਮਈ
ਜਿਨਸੀ ਸ਼ੋਸ਼ਣ ਵਿਰੁੱਧ ਇਨਸਾਫ਼ ਲੈਣ ਲਈ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨੇ ਉਪਰ ਡਟੀਆਂ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਨਿੱਤਰਦਿਆਂ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਅੱਜ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਜਗਦੀਸ਼ ਸਰਮਾ, ਸੁਰਿੰਦਰ ਕੁਮਾਰ ਵਾਲੀਆ, ਬਿੱਕਰ ਸਿੰਘ ਸਿਬੀਆ, ਮੋਹਨ ਸਿੰਘ ਬਾਵਾ, ਕਮਲੇਸ ਰਾਣੀ, ਊਸ਼ਾ ਜੈਨ ਦੀ ਅਗਵਾਈ ‘ਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਰਾਹੀਂ ਕੇਂਦਰ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀਆਂ ਜਿਨ੍ਹਾਂ ਹੋਣਹਾਰ ਧੀਆਂ ਨੇ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ, ਉਨ੍ਹਾਂ ਵਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਭਾਜਪਾ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਪ੍ਰਧਾਨ ਦੇਸ਼ ਦੇ ਮਾਣ ਤੋਂ ਵੱਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਸ ਦਰਜ ਹੋਣ ਦੇ ਬਾਵਜੂਦ ਅਜੇ ਤੱਕ ਬ੍ਰਿ੍ਰਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਨਾ ਕਰਨਾ ਸਾਬਤਾ ਕਰਦਾ ਹੈ ਕਿ ਕੇਂਦਰ ਸਰਕਾਰ ਉਸ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਅਤੇ ਲੋਕ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਨਿੱਤਰ ਰਹੇ ਹਨ ਅਤੇ ਸੰਘਰਸ਼ੀ ਕਾਫ਼ਲਾ ਦਿਨੋ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਦਰਜ ਕੇਸ ਵਿਚ ਲੋੜੀਂਦੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਐਸੋਸੀਏਸ਼ਨ ਵਲੋਂ ਧਰਨੇ ਵਿਚ ਸ਼ਮੂਲੀਅਤ ਕਰਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਅਰਜਨ ਸਿੰਘ, ਮੋਹਨ ਸਿੰਘ ਬਾਵਾ, ਸੁਖਦੇਵ ਸਿੰਘ, ਜੈ ਸਿੰਘ, ਕਰਨੈਲ ਸਿੰਘ, ਬਲਵੰਤ ਸਿੰਘ, ਜਸਮੇਲ ਸਿੰਘ ਉੱਪਲੀ, ਤਾਰਾ ਸਿੰਘ, ਬਲਵੰਤ ਸਿੰਘ ਢਿੱਲੋਂ, ਹਵਾ ਸਿੰਘ ਆਦਿ ਹਾਜ਼ਰ ਸਨ।